ਮੋਰਿੰਡਾ, 3 ਸਤੰਬਰ, ਬੋਲੇ ਪੰਜਾਬ ਬਿਊਰੋ :
ਚਮਕੌਰ ਸਾਹਿਬ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਮੋਰਿੰਡਾ ਸਥਿਤ ਸਹਿਕਾਰੀ ਖੰਡ ਮਿੱਲ ਡੀ-ਲਾਈਨ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡੀ.ਲਾਈਨ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਹੁਕਮ ਨਵਦੀਪ ਸਿੰਘ ਜੀਦਾ, ਚੇਅਰਮੈਨ, ਸ਼ੂਗਰਫੈੱਡ ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ।ਪੰਜਾਬ ਸਰਕਾਰ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਡੀ.ਲਾਈਨ ਬਣਾਈ ਗਈ ਸੀ।ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਨੇ ਛੋਟੇ ਕਿਸਾਨਾਂ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਦੇਖਦੇ ਹੋਏ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰਿਆਂ ਨੂੰ ਬਰਾਬਰੀ ਦੇ ਅਧਿਕਾਰ ਦਿੱਤੇ ਗਏ ਹਨ।‘ਆਪ’ ਆਗੂ ਮਾਲਵਿੰਦਰ ਕੰਗ ਵੱਲੋਂ ਕਿਹਾ ਗਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਨਾਲ ਲੈ ਕੇ ਮਾਮਲਾ ਸੁਲਝਾ ਲਿਆ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਹਲਕਾ ਚਮਕੌਰ ਸਾਹਿਬ ਦੀ ਸਾਰੀ ਲੀਡਰਸ਼ਿਪ ਵੀ ਮੌਜੂਦ ਸੀ।