ਦਸੂਹਾ, 30 ਜਨਵਰੀ, ਬੋਲੇ ਪੰਜਾਬ ਬਿਊਰੋ :
ਦਸੂਹਾ ਸਥਿਤ ਬਜਾਜ ਮੋਟਰ ਫਾਈਨਾਂਸ ਦੇ ਦਫਤਰ ‘ਚ ਕੰਮ ਕਰਦੇ ਇਕ ਨੌਜਵਾਨ ਦੀ ਸੋਮਵਾਰ ਸ਼ਾਮ ਕਰੀਬ 6 ਵਜੇ ਭੇਤਭਰੀ ਹਾਲਤ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਓਡਰਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਤੋਂ ਬਾਅਦ ਜ਼ਖਮੀ ਗੁਰਪ੍ਰੀਤ ਨੂੰ ਖੂਨ ਨਾਲ ਲੱਥਪੱਥ ਹਾਲਤ ‘ਚ ਦਸੂਹਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ।ਦੱਸਿਆ ਜਾ ਰਿਹਾ ਹੈ ਕਿ ਜਦੋਂ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤਾਂ ਸ਼ੋਅਰੂਮ ਮਾਲਕ ਆਪਣੀ ਕਾਰ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਿਆ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਜਿਵੇਂ ਹੀ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਸਿਵਲ ਹਸਪਤਾਲ ਪੁੱਜੇ। ਇਸ ਦੌਰਾਨ ਮ੍ਰਿਤਕ ਦੇ ਵਾਰਸਾਂ ਅਤੇ ਪਿੰਡ ਦੇ ਲੋਕ ਥਾਣੇ ਪਹੁੰਚ ਗਏ ਅਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕਰਨ ਲੱਗੇ।ਐਸਐਚਓ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀ ਫਾਇਨਾਂਸ ਦਫ਼ਤਰ ਦੇ ਮਾਲਕ ਦੇ ਲਾਇਸੈਂਸੀ ਹਥਿਆਰ ਤੋਂ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਤਹਿ ਤੱਕ ਪਹੁੰਚ ਕੀਤੀ ਜਾਵੇਗੀ। ਪੁਲੀਸ ਨੇ ਕਤਲ ਦੇ ਦੋਸ਼ ਹੇਠ ਫਾਈਨਾਂਸ ਕੰਪਨੀ ਦੇ ਸੰਚਾਲਕ ਪ੍ਰਭਸਿਮਰਨ ਸਿੰਘ ਵਾਸੀ ਵਾਰਡ ਨੰਬਰ 7 ਦਸੂਹਾ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ 27/54/59 ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।