ਚੰਡੀਗੜ੍ਹ, 5 ਫਰਵਰੀ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਦੇ ਟ੍ਰਿਪਲ ਬੈਂਚ ‘ਚ ਸੁਣਵਾਈ ਹੋਵੇਗੀ। I.N.D.I.A. ਯਾਨੀ AAP-ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੂੰ ਹਟਾ ਕੇ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਚੋਣ ਅਧਿਕਾਰੀ ਅਨਿਲ ਮਸੀਹ ਵੱਲੋਂ ਵੋਟਾਂ ਦੀ ਗਿਣਤੀ ਵਿੱਚ ਹੇਰਾਫੇਰੀ ਕੀਤੀ ਗਈ ਹੈ। ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਆਪਣੇ ਵੱਲੋਂ ਦਲੀਲਾਂ ਪੇਸ਼ ਕਰਨਗੇ। ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਇੱਕ ਸੰਸਦ ਮੈਂਬਰ ਅਤੇ 35 ਕੌਂਸਲਰਾਂ ਸਮੇਤ ਕੁੱਲ 36 ਵੋਟਾਂ ਪਈਆਂ ਸਨ। ਇਨ੍ਹਾਂ ਵਿੱਚ 14 ਭਾਜਪਾ ਕੌਂਸਲਰ, ਇੱਕ ਭਾਜਪਾ ਸੰਸਦ ਮੈਂਬਰ ਕਿਰਨ ਖੇਰ, 1 ਅਕਾਲੀ ਦਲ ਅਤੇ ਬਾਕੀ 20 ਵੋਟਾਂ ਆਪ ਅਤੇ ਕਾਂਗਰਸ ਦੇ ਕੌਂਸਲਰਾਂ ਦੀਆਂ ਸਨ। ਸਾਰਿਆਂ ਨੇ ਵੋਟ ਪਾਈ। ਗਿਣਤੀ ਤੋਂ ਬਾਅਦ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਜਪਾ ਨੂੰ 16 ਵੋਟਾਂ ਮਿਲੀਆਂ ਹਨ। ਜਦੋਂ ਕਿ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ ਹਨ ਜਦੋਂਕਿ ਉਸ ਦੀਆਂ 8 ਵੋਟਾਂ ਅਯੋਗ ਪਾਈਆਂ ਗਈਆਂ ਹਨ। ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੇ ਵੀ ਸੁਪਰੀਮ ਕੋਰਟ ਵਿੱਚ ਕੈਵੀਏਟ ਦਾਇਰ ਕੀਤੀ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਕੁਲਦੀਪ ਦੀ ਪਟੀਸ਼ਨ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਉਸ ਦੀ ਵੀ ਸੁਣਵਾਈ ਕੀਤੀ ਜਾਵੇ। ਉਨ੍ਹਾਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਭਾਰਦਵਾਜ ਦਲੀਲਾਂ ਪੇਸ਼ ਕਰਨਗੇ।