ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਮੇਅਰ ਚੋਣ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਵੀ ਪਹੁੰਚਿਆ ਉੱਚ ਅਦਾਲਤ
ਚੰਡੀਗੜ੍ਹ ਦੇ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਵੀ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਦਾ ਮਾਮਲਾ ਵੀ ਉੱਚ ਅਦਾਲਤ ਪਹੁੰਚਿਆ ਸੀ ਪਰ ਹਾਈਕੋਰਟ ਵੱਲੋਂ ਮਾਮਲੇ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਇਸ ਮਾਮਲੇ ‘ਤੇ ਹੁਣ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਇਸ ਮਾਮਲੇ ‘ਤੇ ਸੁਣਵਾਈ ਕਰ ਰਹੀ ਹੈ।
ਆਪ’ ਅਤੇ ਕਾਂਗਰਸ ਗਠਜੋੜ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੋਵਾਂ ਉਮੀਦਵਾਰਾਂ ਨੇ ਇਸ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ‘ਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਹਾਈਕੋਰਟ ਇਸ ਹਫ਼ਤੇ ਇਸ ਪਟੀਸ਼ਨ ‘ਤੇ ਵੀ ਸੁਣਵਾਈ ਕਰ ਸਕਦੀ ਹੈ। ਦੋਵਾਂ ਪਾਰਟੀਆਂ ਨੇ 30 ਜਨਵਰੀ ਨੂੰ ਆਪਣੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਉਣ ਅਤੇ ‘ਆਪ’ ਅਤੇ ਕਾਂਗਰਸ ਗਠਜੋੜ ਦੀਆਂ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਸੀ। ਜਿਸ ਮਗਰੋਂ ਹਾਲਹੀ ਵਿਚ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿਚ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਬੈਲਟ ਪੇਪਰ ਨਾਲ ਛੇੜਛਾੜ ਕਰਦੇ ਵੇਖੇ ਜਾ ਸਕਦੇ ਹਨ।
ਇਸ ਦੇ ਨਾਲ ਹੀ ਦੋਵੇਂ ਪਾਰਟੀਆਂ ਦੇ ਗਠਜੋੜ ਨੇ ਵੀ ਇਸ ਦਾ ਵਿਰੋਧ ਕੀਤਾ ਸੀ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ, ਜਿਸ ਕਾਰਨ ਉਹ ਸਦਨ ਤੋਂ ਵਾਕਆਊਟ ਕਰ ਗਏ। ਵਿਰੋਧੀ ਧਿਰਾਂ ਦਾ ਕਹਿਣਾ ਕਿ ਉਨ੍ਹਾਂ ਦੇ ਸਦਨ ਤੋਂ ਵਾਕਆਊਟ ਕਰਨ ਤੋਂ ਬਾਅਦ ਭਾਜਪਾ ਦੇ ਮੇਅਰ ਨੇ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਈ ਅਤੇ ਉਨ੍ਹਾਂ ਨਵੇਂ ਦਾਵੇਦਾਰ ਚੁਣ ਲਏ ਗਏ, ਜੋ ਕਿ ਸਰਾਸਰ ਗਲਤ ਅਤੇ ਗੈਰ ਲੋਕਤਾਂਤਰਿਕ ਸੀ।
ਇਸ ਲਈ ਹੁਣ ਗਠਜੋੜ ਦੇ ਦੋਵੇਂ ਉਮੀਦਵਾਰਾਂ ਗੁਰਪ੍ਰੀਤ ਸਿੰਘ ਅਤੇ ਨਿਰਮਲਾ ਦੇਵੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਚੋਣ ਨੂੰ ਰੱਦ ਕਰਨ ਅਤੇ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੀਂ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗਲਤ ਤਰੀਕੇ ਨਾਲ ਚੁਣੇ ਗਏ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਸੇਵਾਵਾਂ ਬੰਦ ਕਰਨ ਅਤੇ ਗੈਰ ਕਾਨੂੰਨੀ ਕਰਾਰ ਦਿੱਤੀਆਂ ਗਈਆਂ 8 ਵੋਟਾਂ ਦਾ ਕਾਰਨ ਦੱਸਣ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ ‘ਚ ਪਾਈ ਗਈ ਹੈ, ਰਜਿਸਟਰਾਰ ਵੱਲੋਂ ਇਸ ਪਟੀਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਹਾਈਕੋਰਟ ਜਲਦ ਹੀ ਇਸ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ