ਬਠਿੰਡਾ 17 ਫਰਵਰੀ,ਬੋਲੇ ਪੰਜਾਬ ਬਿਓਰੋ : ਬਠਿੰਡਾ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੂੰ 2 ਦਿਨ ਦੇ ਰਿਮਾਂਡ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਇੱਥੋਂ ਦੀਪਕ ਟੀਨੂੰ ਅਤੇ ਉਸ ਦੇ ਸਾਥੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦੀਪਕ ਟੀਨੂੰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ਇਸ ਤੋਂ ਬਾਅਦ ਜੇਲ ਅਧਿਕਾਰੀ ਦੀ ਸ਼ਿਕਾਇਤ ‘ਤੇ ਪੁਲਸ ਨੇ ਗੈਂਗਸਟਰ ਦੀਪਕ ਟੀਨੂੰ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਪੁਲੀਸ ਦੋ ਦਿਨ ਪਹਿਲਾਂ ਚਾਰਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਜੇਲ੍ਹ ਤੋਂ ਲੈ ਕੇ ਆਈ ਸੀ। 2 ਦਿਨ ਦੀ ਪੁੱਛਗਿੱਛ ਤੋਂ ਬਾਅਦ ਸ਼ਨੀਵਾਰ ਨੂੰ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਸਾਰਿਆਂ ਨੂੰ ਜੇਲ ਭੇਜ ਦਿੱਤਾ ਗਿਆ ਹੈ। ਦੀਪਕ ਟੀਨੂੰ ਦੇ ਵਕੀਲ ਰਘੁਵੀਰ ਸਿੰਘ ਬੈਨੀਵਾਲ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਦੀਪਕ ਟੀਨੂੰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਮਗਰੋਂ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।