ਨਵੀਂ ਦਿੱਲੀ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਨੇ ਇਹ ਹੁਕਮ ਦਿੱਤਾ।
ਅੱਜ ਦੋਵਾਂ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ ਜਿਸ ਮਗਰੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅੱਜ ਮੁਲਜ਼ਮਾਂ ਦੇ ਵਕੀਲ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਦਸਤਾਵੇਜ਼ਾਂ ਨਾਲ ਮੇਲ ਕਰਨ ਲਈ ਇੱਕ ਸਾਲ ਦਾ ਸਮਾਂ ਦਿੱਤਾ ਸੀ। ਅਜੇ ਤੱਕ ਇਹ ਨਹੀਂ ਕੀਤਾ ਗਿਆ। ਸੁਣਵਾਈ ਦੌਰਾਨ ਸਰਵੇਸ਼ ਮਿਸ਼ਰਾ ਦੇ ਵਕੀਲ ਨੇ ਕਿਹਾ ਕਿ ਈਡੀ ਨੇ ਸਰਵੇਸ਼ ਮਿਸ਼ਰਾ ਨੂੰ ਮਾਮਲੇ ‘ਚ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕੀਤੀ ਸੀ। ਮੁਲਜ਼ਮਾਂ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਸੰਜੇ ਸਿੰਘ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਤੋਂ ਬਾਅਦ ਈਡੀ ਨੇ ਨਵੇਂ ਦਸਤਾਵੇਜ਼ ਜੋੜ ਦਿੱਤੇ। ਉਨ੍ਹਾਂ ਕਿਹਾ ਕਿ ਈਡੀ ਮੁਤਾਬਕ ਕਾਨੂੰਨ ਨਹੀਂ ਚੱਲੇਗਾ।
3 ਫਰਵਰੀ ਨੂੰ ਅਦਾਲਤ ਨੇ ਦੋਵਾਂ ਨੂੰ ਅੱਜ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। 20 ਜਨਵਰੀ ਨੂੰ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 3 ਫਰਵਰੀ ਤੱਕ ਵਧਾ ਦਿੱਤੀ ਸੀ। 3 ਫਰਵਰੀ ਨੂੰ ਹੀ ਅਦਾਲਤ ਨੇ ਸੰਜੇ ਸਿੰਘ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਰਾਜ ਸਭਾ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਅਦਾਲਤ ਨੇ 24 ਜਨਵਰੀ ਨੂੰ ਇਸ ਮਾਮਲੇ ਦੇ ਮੁਲਜ਼ਮ ਸਰਵੇਸ਼ ਮਿਸ਼ਰਾ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਸੰਜੇ ਸਿੰਘ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਰਾਉਸ ਐਵੇਨਿਊ ਅਦਾਲਤ ਨੇ 22 ਦਸੰਬਰ 2023 ਨੂੰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਈਡੀ ਨੇ 9 ਮਾਰਚ 2023 ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ‘ਚ ਅੱਜ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 16 ਮਾਰਚ ਨੂੰ ਸਰੀਰਕ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।