ਅੱਜ ਵੀ ਕੀਤਾ ਜਾਵੇਗਾ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ
ਬੋਲੇ ਪੰਜਾਬ ਬਿਉਰੋ: ਕਿਸਾਨ ਅੰਦੋਲਨ 6ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਤੇ ਕੇਂਦਰ ਵਿਚਾਲੇ ਅੱਜ ਹੋਵੇਗੀ ਚੌਥੇ ਗੇੜ ਦੀ ਮੀਟਿੰਗ।
ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਅੱਜ ਐਤਵਾਰ ਸ਼ਾਮ 6 ਵਜੇ ਚੰਡੀਗੜ੍ਹ ‘ਚ ਚੌਥੇ ਦੌਰ ਦੀ ਗੱਲਬਾਤ ਹੋਣੀ ਹੈ, ਜਿਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਸਰਹੱਦਾਂ ’ਤੇ ਕਿਲਾਬੰਦੀ ਕਾਰਨ ਦਿੱਲੀ ਵੱਲ ਮਾਰਚ ਕਰਨ ਦੀ ਰਣਨੀਤੀ ਫੇਲ੍ਹ ਹੁੰਦੀ ਦੇਖ ਕੇ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਮੰਤਰੀ ਕੇਵਲ ਸਿੰਘ ਢਿੱਲੋਂ ਦੀਆਂ ਰਿਹਾਇਸ਼ਾਂ ਦੇ ਬਾਹਰ ਟੈਂਟ ਲਗਾ ਕੇ ਧਰਨਾ ਦਿੱਤਾ। ਇਹ ਧਰਨਾ ਅੱਜ ਵੀ ਜਾਰੀ ਰਹੇਗਾ। ਪ੍ਰਦਰਸ਼ਨ ਤੋਂ ਬਾਅਦ ਪਟਿਆਲਾ ‘ਚ ਕੈਪਟਨ ਦੀ ਰਿਹਾਇਸ਼ ਮੋਤੀ ਮਹਿਲ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।
ਸਰਕਾਰ ਨਾਲ ਗੱਲਬਾਤ ਦੇ ਮੱਦੇਨਜ਼ਰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਰੋਕਣ ਦਾ ਐਲਾਨ ਕੀਤਾ ਸੀ ਪਰ ਨੌਜਵਾਨ ਸਰਹੱਦਾਂ ’ਤੇ ਲੱਗੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਖਾਸ ਕਰਕੇ ਸ਼ੰਭੂ ਅਤੇ ਖਨੌਰੀ-ਦਾਤਾਸਿੰਘ ਬਾਰਡਰ ‘ਤੇ ਅਜਿਹੇ ਯਤਨ ਦੇਖਣ ਨੂੰ ਮਿਲ ਰਹੇ ਹਨ। ਸ਼ਨੀਵਾਰ ਨੂੰ ਵੀ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਤਿੰਨ ਗੋਲੇ ਦਾਗੇ। ਪੰਜਾਬ ਪੁਲਿਸ ਦੇ ਵਿਸ਼ੇਸ਼ ਏਡੀਜੀਪੀ-ਲਾਅ ਐਂਡ ਆਰਡਰ ਨੇ ਸਰਹੱਦ ‘ਤੇ ਸਥਿਤੀ ਦਾ ਜਾਇਜ਼ਾ ਲਿਆ।