ਹਰਿਆਣਾ ਬਾਰਡਰ ਉਤੇ ਇੱਕ ਕਿਸਾਨ ਦੀ ਮੌਤ ਅਤੇ 50 ਤੋਂ ਵੱਧ ਜ਼ਖ਼ਮੀ : ਕਿਸਾਨ ਯੂਨੀਅਨ

Uncategorized

ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਭਾਜਪਾ ਸਰਕਾਰ ਦੇ ਜਬਰ ਦੀ ਸਖਤ ਨਿੰਦਾ ਅਤੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ

ਚੰਡੀਗੜ੍ਹ 21 ਫਰਵਰੀ, ਬੋਲੇ ਪੰਜਾਬ ਬਿਓਰੋ :

ਅੱਜ ਫਿਰ ਦਿੱਲੀ ਵੱਲ ਵਧ ਰਹੇ ਕਿਸਾਨਾਂ ਉੱਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਗੋਲੀਆਂ ਤੇ ਅੱਥਰੂ ਗੈਸ ਵਰ੍ਹਾਉਣ ਦੇ ਜਾਬਰ ਹੱਲੇ ਨਾਲ ਇੱਕ ਹੋਰ ਕਿਸਾਨ ਸ਼ਹੀਦ ਅਤੇ ਦਰਜਨਾਂ ਸਖ਼ਤ ਜ਼ਖ਼ਮੀ ਹੋ ਗਏ। ਕਿਸਾਨ ਵਿਰੋਧੀ ਹਕੂਮਤ ਦੇ ਬਾਰ ਬਾਰ ਬੋਲੇ ਜਾ ਰਹੇ ਜਾਬਰ ਹੱਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸ਼ਹੀਦ ਦੇ ਪਰਿਵਾਰ ਅਤੇ ਜ਼ਖਮੀ ਕਿਸਾਨਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਹੱਕੀ ਕਿਸਾਨ ਮੰਗਾਂ ਲਈ ਉਨ੍ਹਾਂ ਦੇ ਜਾਨਹੂਲਵੇਂ ਘੋਲ਼ ਦੇ ਮੋਢੇ ਨਾਲ ਮੋਢਾ ਲਾ ਕੇ ਸੰਯੁਕਤ ਕਿਸਾਨ ਮੋਰਚੇ ਦੁਆਰਾ ਕੀਤਾ ਜਾ ਰਿਹਾ ਟੌਲ ਪਲਾਜਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਦੇ ਘਿਰਾਓ ਵਾਲ਼ਾ ਤਾਲਮੇਲਵਾਂ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਹੈ ਕਿ ਭਲਕੇ 22 ਫਰਵਰੀ ਨੂੰ ਕੌਮੀ ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਹੋ ਰਹੀ ਮੀਟਿੰਗ ਵਿੱਚ ਹਾਲਾਤ ਨਾਲ਼ ਢੁੱਕਵਾਂ ਫੈਸਲਾ ਲਿਆ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬੀਤੇ ਦਿਨ ਤੋਂ ਮੋਹਾਲੀ ਜ਼ਿਲ੍ਹੇ ਵਿੱਚ ਜ਼ੀਰਕਪੁਰ ਬਨੂੜ ਰੋਡ ਤੇ ਸਥਿਤ ਟੌਲ ਪਲਾਜ਼ਾ ਪਰਚੀ-ਮੁਕਤ ਕਰਨ ਨਾਲ 14 ਜ਼ਿਲਿਆਂ ਵਿੱਚ ਟੌਲ ਮੁਕਤ ਧਰਨੇ 24 ਥਾਂਵਾਂ ‘ਤੇ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਵਿਰੋਧ ਪ੍ਰਦਰਸ਼ਨ ਤਿੰਨ ਥਾਵਾਂ ਤੇ ਅੱਜ ਵੀ ਹੋਰ ਵਧੇਰੇ ਜੋਸ਼ ਨਾਲ ਜਾਰੀ ਰਹੇ। ਇਨ੍ਹਾਂ ਵਿੱਚ ਸੈਂਕੜਿਆਂ ਦੀ ਤਾਦਾਦ ਵਿਚ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਉਕਤ ਦੋਨਾਂ ਤੋਂ ਇਲਾਵਾ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ ਅਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਜ਼ਿਲ੍ਹਾ/ਬਲਾਕ ਪੱਧਰੇ ਅਤੇ ਸਥਾਨਕ ਆਗੂ ਵੀ ਸ਼ਾਮਲ ਸਨ। ਸਭਨਾਂ ਬੁਲਾਰਿਆਂ ਨੇ ਮੋਦੀ ਭਾਜਪਾ ਸਰਕਾਰ ਨੂੰ ਤਾੜਨਾ ਕੀਤੀ ਕਿ ਕਿਸਾਨ ਹੁਣ ਭਖਦੀਆਂ ਕਿਸਾਨੀ ਮੰਨਵਾ ਕੇ ਹੀ ਦਮ ਲੈਣਗੇ। ਬੁਲਾਰਿਆਂ ਨੇ ਮੌਜੂਦਾ ਸੰਘਰਸ਼ ਦੀਆਂ ਹੋਰ ਭਖਦੀਆਂ ਮੰਗਾਂ ਜਿਵੇਂ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਮਜ਼ਦੂਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ,ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼, ਸਰਬਵਿਆਪੀ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ , ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਯੋਜਨਾ, ਕਿਸਾਨ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਤੇ ਇਨ੍ਹਾਂ ਸ਼ਹੀਦਾਂ ਦੀ ਕੌਮੀ ਯਾਦਗਾਰ ਬਣਾਉਣ ਉੱਤੇ ਜ਼ੋਰ ਦਿੱਤਾ।ਉਨ੍ਹਾਂ ਵਲੋਂ ਭਾਜਪਾ ਦੀ ਕੇਂਦਰੀ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਦਾ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਕੁਚਲਣ ਲਈ ਅੱਥਰੂ ਗੈਸ, ਲਾਠੀਚਾਰਜ ਤੇ ਡ੍ਰੋਨ ਰਾਹੀਂ ਗੋਲੀਬਾਰੀ ਤੋਂ ਇਲਾਵਾ ਸੜਕਾਂ ਉੱਤੇ ਕੰਧਾਂ ਕੱਢਣ, ਕਿੱਲ ਗੱਡਣ ਤੇ ਇੰਟਰਨੈਟ ਜਾਮ ਕਰਨ ਵਰਗੇ ਤਾਨਾਸ਼ਾਹੀ ਹੱਥਕੰਡਿਆਂ ਕਿਸਾਨਾਂ ਦੀਆਂ ਜਾਨਾਂ ਲੈਣ ਦੀ ਸਖ਼ਤ ਨਿਖੇਧੀ ਕੀਤੀ ਗਈ। ਇਹ ਮੰਗ ਵੀ ਜ਼ੋਰ ਨਾਲ ਉਭਾਰੀ ਗਈ ਕਿ ਸਾਮਰਾਜ ਪੱਖੀ ਲੁਟੇਰਾ ਨੀਤੀਆਂ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਨੂੰ ਬਾਹਰ ਕੱਢਿਆ ਜਾਵੇ, ਕਿਉਂਕਿ ਇਸ ਦੀਆਂ ਨੀਤੀਆਂ ਦੇਸ਼ ਭਰ ਦੇ ਕਿਰਤੀ ਕਿਸਾਨਾਂ ਨੂੰ ਅਤੇ ਪੇਂਡੂ ਸੱਭਿਆਚਾਰ ਨੂੰ ਤਬਾਹ ਕਰ ਰਹੀਆਂ ਹਨ। ਇਨ੍ਹਾਂ ਨੀਤੀਆਂ ਤਹਿਤ ਹੀ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਬਿਜਲੀ ਵਰਗੇ ਸਾਰੇ ਜਨਤਕ ਅਦਾਰੇ ਅਡਾਨੀ ਅੰਬਾਨੀ ਵਰਗੇ ਦੇਸੀ ਬਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਵੇਚੇ ਜਾ ਰਹੇ ਹਨ। ਮੋਦੀ ਹਕੂਮਤ ਨੂੰ ਕਿਸਾਨਾਂ ਦੇ ਕੁਰਬਾਨੀਆਂ ਭਰੇ ਜੁਝਾਰੂ ਸੰਘਰਸ਼ਾਂ ਦੁਆਰਾ ਕੰਧ ‘ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤੀ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ, ਸਗੋਂ ਇਹ ਜਬਰ ਤਾਂ ਸੰਘਰਸ਼ਾਂ ਦੀ ਖ਼ੁਰਾਕ ਬਣ ਜਾਇਆ ਕਰਦਾ ਹੈ। ਆਗੂਆਂ ਕਿਹਾ ਕਿ ਸਾਡਾ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇ ਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ-ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਵੀ ਧਰਨਿਆਂ ਵਿੱਚ ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਮੁਲਾਜ਼ਮਾਂ, ਟੀਚਰਾਂ, ਠੇਕਾ ਕਾਮਿਆਂ, ਵਿਦਿਆਰਥੀਆਂ ਨੇ ਹਮਾਇਤੀ ਸ਼ਮੂਲੀਅਤ ਕੀਤੀ ਅਤੇ ਆਗੂਆਂ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *