ਕਿਸਾਨ ਅੱਜ ਮੀਟਿੰਗ ਕਰਕੇ ਲੈਣਗੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ
ਹਰਿਆਣਾ ਪੁਲਿਸ ਵਲੋਂ ਅੰਦੋਲਨਕਾਰੀ ਕਿਸਾਨ ਨੇਤਾਵਾਂ ਦੇ ਖਿਲਾਫ NSA ਤਹਿਤ ਕਾਰਵਾਈ ਸ਼ੁਰੂ
ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :
ਐਮਐਸਪੀ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨ ਅੱਜ ਦਿੱਲੀ ਮਾਰਚ ਨੂੰ ਲੈ ਕੇ ਮੀਟਿੰਗ ਕਰਕੇ ਆਪਣਾ ਅਗਲਾ ਫੈਸਲਾ ਲੈਣਗੇ।ਦੱਸਣਯੋਗ ਹੈ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ। ਅੱਜ (23 ਫਰਵਰੀ) ਕਿਸਾਨ ਅੰਦੋਲਨ ਦਾ 11ਵਾਂ ਦਿਨ ਹੈ।ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਕਾਲਾ ਦਿਵਸ ਮਨਾਉਣਗੀਆਂ। ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਸੀ।
ਦੂਜੇ ਪਾਸੇ ਹਰਿਆਣਾ ਪੁਲਿਸ ਨੇ ਵੀਰਵਾਰ ਦੇਰ ਰਾਤ ਅੰਦੋਲਨਕਾਰੀ ਕਿਸਾਨ ਨੇਤਾਵਾਂ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਤੋਂ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਅਤੇ ਬੈਂਕ ਖਾਤੇ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।