ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਸਣੇ ਪਟਿਆਲਾ ਵਿਚ ਮੀਂਹ ਤੇ ਗੜੇਮਾਰੀ ਦਾ ਅਲਰਟ ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 29 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਸ਼ੁਰੂ ਹੋਣ ਜਾ ਰਹੀ ਹੈ।
ਇਸ ਦੇ ਨਾਲ ਹੀ 1 ਤੋਂ 3 ਮਾਰਚ ਤੱਕ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਸ਼ ਹੋਵੇਗੀ। ਪੰਜਾਬ, ਹਰਿਆਣਾ, ਯੂਪੀ ਸਮੇਤ ਉੱਤਰੀ ਭਾਰਤ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਕੱਲ੍ਹ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਵਿਚ ਮੀਂਹ, ਤੇਜ਼ ਹਵਾਵਾਂ ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਆਈਐਮਡੀ ਮੁਤਾਬਕ 2 ਮਾਰਚ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਬਠਿੰਡਾ ਤੇ ਮਾਨਸਾ ਵਿਚ ਯੈਲੋ ਅਲਰਟ ਦਿੱਤਾ ਗਿਆ ਹੈ।
IMD ਦੇ ਅਨੁਸਾਰ 1 ਤੋਂ 3 ਮਾਰਚ ਦਰਮਿਆਨ ਨਵੀਂ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 1 ਅਤੇ 2 ਮਾਰਚ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ, 1 ਮਾਰਚ ਨੂੰ ਰਾਜਸਥਾਨ ਅਤੇ 2 ਮਾਰਚ ਨੂੰ ਹਰਿਆਣਾ-ਚੰਡੀਗੜ੍ਹ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਕਣਕ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਨੂੰ ਪਾਣੀ ਦਿੰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।