ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ:ਹਰਿਆਣਾ ਜੇਲ੍ਹ ਪ੍ਰਸ਼ਾਸਨ ਵੱਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਭਵਿੱਖ ਵਿੱਚ ਡੇਰਾ ਮੁਖੀ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ। ਫਿਲਹਾਲ ਰਾਮ ਰਹੀਮ ਪੈਰੋਲ ‘ਤੇ ਬਾਹਰ ਹੈ ਅਤੇ ਉਸ ਦੀ ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ।
ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਤੋਂ ਸਖਤ ਲਹਿਜੇ ‘ਚ ਪੁੱਛਿਆ ਹੈ ਕਿ ਡੇਰਾ ਮੁਖੀ ਰਾਮ ਰਹੀਮ ਵਾਂਗ ਪੈਰੋਲ ‘ਤੇ ਹੋਰ ਕਿੰਨੇ ਕੈਦੀਆਂ ਨੂੰ ਪੈਰੋਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਹੈ ਕਿ ਮਾਮਲੇ ਦੀ ਅਗਲੀ ਸੁਣਵਾਈ ‘ਤੇ ਸਰਕਾਰ ਇਸ ਬਾਰੇ ਜਾਣਕਾਰੀ ਦੇਵੇ।
ਜ਼ਿਕਰਯੋਗ ਹੈ ਕਿ SGPC ਨੇ ਡੇਰਾ ਮੁਖੀ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਐਸਜੀਪੀਸੀ ਨੇ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ਦੇ ਰਹੀ ਹੈ ਜੋ ਕਿ ਸਰਾਸਰ ਗਲਤ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।