ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਮੰਗਾਂ ਹੱਲ ਕਰੇ ਪੰਜਾਬ ਸਰਕਾਰ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤੇ ਜਾਣ ਕੰਪਿਊਟਰ ਅਧਿਆਪਕ
ਮੋਹਾਲੀ 6 ਮਾਰਚ,ਬੋਲੇ ਪੰਜਾਬ ਬਿਓਰੋ:
ਵਿਧਾਨ ਸਭਾ ਦੇ ਚਲਦੇ ਸੈਸ਼ਨ ਦੌਰਾਨ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਵਾਲੀ ਪੰਜਾਬ ਸਰਕਾਰ ਹੁਣ ਕੰਪਿਊਟਰ ਅਧਿਆਪਕਾਂ ਦੀ ਕੁੱਟ ਮਾਰ ਕਰਨ, ਗਿਰਫ਼ਤਾਰ ਕਰਨ , ਪੱਗਾਂ ਲਾਹੁਣ ਅਤੇ ਚੁੰਨੀਆਂ ਉਤਾਰਨ ‘ਤੇ ਉੱਤਰ ਆਈ ਹੈ।
ਪੰਜਾਬ ਸਰਕਾਰ ਦੇ ਮੁਲਾਜ਼ਮ ਖਾਸ ਕਰਕੇ ਕੰਪਿਊਟਰ ਅਧਿਆਪਕ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਪ੍ਰਤੀ ਪੰਜਾਬ ਸਰਕਾਰ ਦਾ ਵਤੀਰਾ ਨਿੰਦਣਯੋਗ ਹੈ।
ਉਨ੍ਹਾਂ ਦੱਸਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਅਤੇ ਸੱਤਾ ਵਿੱਚ ਆਉਣ ਉਪਰੰਤ ਸਿੱਖਿਆ ਮੰਤਰੀ, ਵਿੱਤ ਮੰਤਰੀ ਅਤੇ ਹੋਰਾਂ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਜਿਸ ਕਾਰਣ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਨੂੰ ਡੰਡੇ ਦੇ ਜ਼ੋਰ ਤੇ ਦਬਾਉਣਾ ਚਾਹੁੰਦੀ ਹੈ ਅਤੇ ਇਸੇ ਲਈ ਅੱਜ ਚੰਡੀਗੜ੍ਹ ਵਿਖੇ ਵਿਧਾਨ ਸਭਾ ਵੱਲ ਮਾਰਚ ਕਰਦੇ ਕੰਪਿਊਟਰ ਅਧਿਆਪਕਾਂ ਨਾਲ ਖਿੱਚ ਧੂਹ ਕੀਤੀ ਗਈ, ਅਧਿਆਪਕਾਂ ਦੀਆਂ ਪੱਗਾਂ ਲਾਹੀਆਂ ਗਈਆਂ, ਔਰਤਾਂ ਅਧਿਆਪਕਾਂ ਦੀਆਂ ਚੁੰਨੀਆਂ ਲਾਹੀਆਂ ਗਈਆਂ ਅਤੇ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਡੀ.ਟੀ.ਐੱਫ. ਦੇ ਆਗੁਆਂ ਜਰਮਨਜੀਤ ਸਿੰਘ, ਗੁਰਬਿੰਦਰ ਸਿੰਘ ਖੈਰਾ, ਚਰਨਜੀਤ ਸਿੰਘ ਰਜਧਾਨ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਨਾਭਾ ਆਦਿ ਨੇ ਕਿਹਾ ਕਿ ਸਰਕਾਰ ਦੁਆਰਾ ਅਧਿਆਪਕ ਮੰਗਾਂ ਨੂੰ ਡੰਡੇ ਦੇ ਜ਼ੋਰ ਤੇ ਨਹੀਂ ਦਬਾਇਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦੀ ਹੱਕੀ ਮੰਗ ਨੂੰ ਪੰਜਾਬ ਸਰਕਾਰ ਦੁਆਰਾ ਪੂਰਾ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਅਧਿਆਪਕਾਂ ਨਾਲ ਦੁਰਵਿਹਾਰ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅਜਿਹੇ ਮੁਲਾਜ਼ਮ ਵਿਰੋਧੀ ਵਤੀਰੇ ਦਾ ਆਉਣ ਵਾਲੇ ਦਿਨਾਂ ਵਿੱਚ ਸਖ਼ਤ ਵਿਰੋਧ ਕੀਤਾ ਜਾਵੇਗਾ।