ਨਵੀਂ ਦਿੱਲੀ, 14 ਮਾਰਚ, ਬੋਲੇ ਪੰਜਾਬ ਬਿਊਰੋ :
ਐਮਐਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਕਿਸਾਨ ਅੱਜ 14 ਮਾਰਚ ਨੂੰ ਦਿੱਲੀ ਵਿੱਚ ਮਹਾਪੰਚਾਇਤ ਕਰ ਰਹੇ ਹਨ। ਮਹਾਪੰਚਾਇਤ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਵੇਗੀ। ਮਹਾਪੰਚਾਇਤ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਦਿੱਲੀ ਟ੍ਰੈਫਿਕ ਪੁਲਸ ਨੇ ਬੁੱਧਵਾਰ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ।
ਟ੍ਰੈਫਿਕ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਕਿਸਾਨ ਮਹਾਪੰਚਾਇਤ 14 ਮਾਰਚ ਨੂੰ ਰਾਮਲੀਲਾ ਮੈਦਾਨ, ਜਵਾਹਰ ਲਾਲ ਨਹਿਰੂ ਮਾਰਗ ‘ਤੇ ਹੋਣ ਜਾ ਰਹੀ ਹੈ। ਜਵਾਹਰ ਲਾਲ ਨਹਿਰੂ ਮਾਰਗ ‘ਤੇ ਸਥਿਤ ਰਾਮਲੀਲਾ ਮੈਦਾਨ ‘ਚ ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਕਈ ਰਸਤਿਆਂ ‘ਤੇ ਜਾਮ ਲੱਗ ਸਕਦਾ ਹੈ ਅਤੇ ਕਈ ਰਸਤਿਆਂ ਨੂੰ ਡਾਇਵਰਟ ਕੀਤਾ ਗਿਆ ਹੈ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਦੱਸ ਦੇਈਏ ਕਿ ਅਖਿਲ ਭਾਰਤੀ ਕਿਸਾਨ ਖੇਤ ਮਜ਼ਦੂਰ ਸੰਗਠਨ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ, ਬਿਜਲੀ ਸੋਧ ਬਿੱਲ 2023 ਅਤੇ ਪ੍ਰੀਪੇਡ ਮੀਟਰ ਸਕੀਮ ਵਾਪਸ ਲੈਣ, ਗੜੇਮਾਰੀ ਕਾਰਨ ਤਬਾਹ ਹੋਈਆਂ ਫਸਲਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ।