ਮੋਹਾਲੀ, 16 ਮਾਰਚ, ਬੋਲੇ ਪੰਜਾਬ ਬਿਊਰੋ :
ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਸਨ। 2022 ਵਿੱਚ ਅੱਜ ਦੇ ਦਿਨ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ।
‘ਆਪ’ ਮੁਤਾਬਕ ਦੋ ਸਾਲਾਂ ਦੀ ਸਰਕਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਦਾ ਮੁੱਖ ਧਿਆਨ ਸਿਹਤ ਅਤੇ ਸਿੱਖਿਆ ‘ਤੇ ਰਿਹਾ। ਇਸ ਦੌਰਾਨ ਸੀ.ਐਮ.ਭਗਵੰਤ ਮਾਨ ਨੇ ਨੌਜਵਾਨਾਂ ਨੂੰ 40 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ ਦੇ ਨਾਲ-ਨਾਲ ਨੌਜਵਾਨੀ ਨੂੰ ਪੰਜਾਬ ‘ਚ ਹੀ ਰੋਕਣ ਦੇ ਵਾਅਦੇ ਵੱਲ ਕਦਮ ਪੁੱਟਿਆ। ਪਰ ‘ਆਪ’ ਦਾ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਅਧੂਰਾ ਹੀ ਹੈ।