ਮੋਹਾਲੀ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:
ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜ੍ਹਾ ਅਤੇ ਗੁਰਕੀਰਤ ਸਿੰਘ ਦੀ ਗਿਰਫਤਾਰੀ ਵਿਰੁੱਧ ਮੋਹਾਲੀ ਦੀਆਂ ਸੜਕਾਂ ਤੇ ਮਾਰਚ ਕੀਤਾ ਅਤੇ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਰੈਲੀ ਨੂੰ ਸੰਬੋਧਨ ਕਰਦਿਆਂ ਅਗੂਆ ਨੇ ਕਿਹਾ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਦੀ ਅਗਵਾਈ ਵਿੱਚ 13 ਫ਼ਰਵਰੀ ਤੋਂ ਹਰਿਆਣੇ ਦੇ ਬਾਰਡਰਾਂ ਤੇ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਮੋਰਚਾ ਚੱਲ ਰਿਹਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਅੰਨ੍ਹਾ ਦਸੱਦਦ ਕੀਤਾ ਜਿਸ ਦੇ ਸਿੱਟੇ ਵਜੋਂ ਨੌਜਵਾਨ ਸੁਭਕਰਨ ਸਿੰਘ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਸ਼ਹਾਦਤ ਹੋ ਗਈ ਕਈਆਂ ਦੀਆਂ ਅੱਖਾ ਚਲੀਆਂ ਗਈਆਂ , ਲੱਤਾਂ ਟੁੱਟ ਗਈਆਂ ਤੇ ਫੱਟੜ ਹੋਏ। ਧੂੰਆਂ ਚੜ੍ਹਨ ਨਾਲ ਹੁਣ ਤੱਕ 14 ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ।ਬੁਖਲਾਈ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਅਰਧ ਸੈਨਿਕ ਦਲਾਂ ਨੇ ਨਿਹੱਥੇ ਕਿਸਾਨਾਂ ਤੇ ਹਮਲਾ ਕਰਕੇ ਕਿਸਾਨਾਂ ਦੇ ਟਰੈਕਟਰਾਂ ਤੇ ਗੱਡੀਆਂ ਦੀ ਭੰਨਤੋੜ ਕੀਤੀ ਗਈ।
ਨਵਦੀਪ ਸਿੰਘ ਜਲਬੇੜ੍ਹਾ ਬਾਰਡਰਾਂ ਤੇ ਮੋਰਚੇ ਵਿੱਚ ਮੁੱਖ ਭੂਮਿਕਾ ਨਿਭਾਅ ਰਿਹਾ ਸੀ ਜਿਸ ਕਰਕੇ ਸਰਕਾਰ ਦੀਆਂ ਅੱਖਾਂ ਵਿੱਚ ਰੜਕਦਾ ਸੀ ਇਸ ਕਰਕੇ ਕੇਂਦਰ ਦੀ ਸਹਿ ਤੇ ਹਰਿਆਣਾ ਸਰਕਾਰ ਨੇ ਉਸ ਤੇ ਅਤੇ ਉਸ ਦੇ ਸਾਥੀ ਗੁਰਕੀਰਤ ਸਿੰਘ ਤੇ ਝੂਠਾ ਕੇਸ ਪਾਕੇ ਮੋਹਾਲੀ ਏਅਰਪੋਰਟ ਤੋ ਗਿਰਫਤਾਰ ਕਰ ਲਿਆ ਅਤੇ ਉਹਨਾਂ ਤੇ ਅਨਮਨੁੱਖੀ ਤਸੱਦਦ ਢਾਹਿਆ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਜੇ ਸਰਕਾਰ ਨੇ ਗਿਰਫਤਾਰ ਕੀਤੇ ਨੌਜਵਾਨਾਂ ਨੂੰ ਰਿਹਾ ਨਾ ਕੀਤਾ ਤਾਂ 9 ਅਪ੍ਰੈਲ ਨੂੰ ਸੰਭੂ ਵਿਖੇ ਦਿੱਲੀ ਨੂੰ ਜਾਣ ਵਾਲੀ ਰੇਲਵੇ ਲਾਈਨ ਨੂੰ ਜਾਮ ਕਰ ਦਿੱਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ,ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ, ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ,ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ।
ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਵਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ,ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਮਨਰੇਗਾ ਤਹਿਤ ਦਿਹਾੜੀ ਵਧਾਕੇ 200 ਦਿਨ ਕੀਤੀ ਜਾਵੇ। ਪੰਜਾਬ ਵਿੱਚ ਗੜਿਆ ਦੀ ਮਾਰ ਨਾਲ ਹੋਏ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ।
ਰੈਲੀ ਨੂੰ ਹੋਰਨਾਂ ਤੋਂ ਇਲਾਵਾ ਡਾ ਜਰਨੈਲ ਸਿੰਘ ਕਾਲੇਕੇ, ਬਲਜੀਤ ਕੌਰ ਮੱਖੂ, ਹੀਰਾ ਸਿੰਘ ਮਨੌਲੀ ਸੂਰਤ, ਹਰਚਰਨ ਸਿੰਘ ਮਨੌਲੀ ,ਨਿਰਮੈਲ ਸਿੰਘ ਫੌਜੀ, ਬਾਪੂ ਗੁਰਨਾਮ ਸਿੰਘ ਅਤੇ ਸੁਖਜੀਤ ਸਿੰਘ ਅਤੇ ਜੈ ਸਿੰਘ ਨੇ ਸੰਬੋਧਨ ਕੀਤਾ।