ਚੰਡੀਗੜ੍ਹ, 10 ਅਪ੍ਰੈਲ, ਬੋਲੇ ਪੰਜਾਬ ਬਿਓਰੋ:
ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਲੰਗਾਹ ਨੂੰ ਸ਼ਿਮਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਸ਼ਿਮਲਾ ਪੁਲਿਸ ਨੇ ਸੂਹ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪ੍ਰਕਾਸ਼ ਲੰਗਾਹ ਨੂੰ ਸ਼ਿਮਲਾ ਦੇ ਬੱਸ ਸਟੈਂਡ ਨੇੜੇ ਇੱਕ ਹੋਟਲ ਤੋਂ ਹੋਰ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਪ੍ਰਕਾਸ਼ ਲੰਗਾਹ ਤੇ ਇੱਕ ਔਰਤ ਸਮੇਤ ਹੋਰਨਾਂ ਨੂੰ 42 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸ਼ਿਮਲਾ ਪੁਲਿਸ ਦੇ ਐਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਸੰਜੀਵ ਗਾਂਧੀ ਨੇ ਦੱਸਿਆ ਕਿ ਮੁਲਜਮਾਂ ਨੂੰ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਗਿ੍ਫ਼ਤਾਰ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਲੰਗਾਹ ਨੂੰ ਇਸ ਤੋਂ ਪਹਿਲਾਂ ਵੀ ਡਰੱਗ ਮਾਮਲੇ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਹੁਣ ਵੀ ਇਸ ਨੂੰ ਚਿੱਟੇ ਸਮੇਤ ਕਾਬੂ ਕਰ ਲਿਆ ਗਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।