ਕਪੂਰਥਲਾ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਕਪੂਰਥਲਾ ਦੇ ਆਰ. ਸੀ. ਐਫ. ਕੈਂਪਸ ਵਿੱਚ ਅਪਾਹਜ ਬੱਚਿਆਂ ਲਈ ਬਣੇ ‘ਜੈਕ ਐਂਡ ਜਿਲ ਸਕੂਲ’ ਵਿੱਚ ਇੱਕ ਮਹਿਲਾ ਅਧਿਆਪਕ ਦੀ ਲਾਸ਼ ਕਮਰੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ। ਸੂਚਨਾ ਮਿਲਣ ਦੇ ਬਾਅਦ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਮਹਿਲਾ ਅਧਿਆਪਕ ਦੀ ਪਛਾਣ ਰਮਨਦੀਪ ਕੌਰ (32) ਪੁੱਤਰੀ ਅਮਰਜੀਤ ਸਿੰਘ ਵਾਸੀ ਪਿੰਡ ਨੇਸਰਾ ਦਸੂਹਾ ਵਜੋਂ ਹੋਈ ਹੈ।
ਦੂਜੇ ਪਾਸੇ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਹਿਲਾ ਅਧਿਆਪਕ ਦੇ ਪਰਿਵਾਰ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਚੌਕੀਦਾਰ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਇਸ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ‘ਤੇ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।