ਐੱਸ.ਏ.ਐੱਸ ਨਗਰ 13 ਅਪ੍ਰੈਲ,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 325ਵਾਂ ਖਾਲਸਾ ਪੰਥ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਅਮਨਦੀਪ ਕੌਰ ਲੁਧਿਆਣੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਚਿੜੀਆਂ ਨੂੰ ਬਾਜ ਬਣਾਉਣ ਭਾਵ ਖਾਲਸਾ ਪੰਥ ਨੂੰ ਸਿਰਜਣ ਦੇ ਪ੍ਰਸੰਗ ਨੂੰ ਬੜੇ ਭਾਵਪੂਰਨ ਅਤੇ ਜੋਸ਼ ਭਰਪੂਰ ਤਰੀਕੇ ਨਾਲ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ । ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਸ਼੍ਰੋਮਣੀ ਪ੍ਰਚਾਰਕ ਭਾਈ ਚਰਨਜੀਤ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਮਨਪ੍ਰੀਤ ਸਿੰਘ ਜੀ ਲੁਧਿਆਣੇ ਵਾਲੇ, ਬੀਬੀ ਗੁਰਦੀਪ ਕੌਰ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ , ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪੂਰੇ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ । ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਦੇਣ ਦੀ ਸੇਵਾ ਪ੍ਰਬੰਧਕ ਕਮੇਟੀ ਕੀਤੀ ਗਈ । ਇਸ ਮੌਕੇ ਤੇ ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।