ਚੰਡੀਗੜ੍ਹ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ:
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ ਅਤੇ ਆਦਮਪੁਰ ਤੋਂ ਦੋ ਵਾਰ ਵਿਧਾਇਕ ਰਹੇ ਪਵਨ ਟੀਨੂੰ ਵੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਪਵਨ ਟੀਨੂੰ ਆਪ ‘ਚ ਸ਼ਾਮਲ ਹੋ ਸਕਦੇ ਹਨ। ਅੱਜ ਉਹਨਾਂ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਟੀਨੂੰ ਦੀ ਜਲੰਧਰ ‘ਚ ਦਲਿਤ ਵੋਟਾ ਬੈਂਕ ‘ਤੇ ਮਜ਼ਬੂਤ ਪਕੜ ਹੈ। ਇਸ ਲਈ ਉਹ ਇਸ ਸੀਟ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ। ਇਸ ਤੋਂ ਪਹਿਲਾਂ ਪਵਨ ਟੀਨੂੰ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ।
ਇਸੇ ਤਰ੍ਹਾਂ ਗੁਰਚਰਨ ਸਿੰਘ ਚੰਨੀ ਦਾ ਵੀ ਸ਼ਹਿਰੀ ਖੇਤਰ ਵਿੱਚ ਚੰਗਾ ਆਧਾਰ ਹੈ। ਉਹਨਾਂ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।