ਨਵੀਂ ਦਿੱਲੀ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਈਡੀ ਨੂੰ 24 ਅਪ੍ਰੈਲ ਜਾਂ ਇਸ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।ਅਦਾਲਤ ਹੁਣ 29 ਅਪ੍ਰੈਲ ਨੂੰ ਕੇਜਰੀਵਾਲ ਮਾਮਲੇ ਦੀ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲੇ ‘ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈਕੋਰਟ ‘ਚ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ।