ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਅਤੇ ਅੰਮ੍ਰਿਤਸਰ ਉੱਤਰੀ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨਸ਼ਿਆਂ ਦੇ ਮੁੱਦੇ ਨੂੰ ਜਨਤਕ ਪਲੇਟਫਾਰਮ ‘ਤੇ ਉਠਾਇਆ ਹੈ। ਉਨ੍ਹਾਂ ਨੇ ਇਸ ਲਈ ਪੁਲੀਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਹਮਲਾਵਰ ਹੋ ਗਈਆਂ ਹਨ। ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ‘ਆਪ’ ਵਿਧਾਇਕ ਵੱਲੋਂ ਨਸ਼ਾ ਵੇਚਣ ਸਬੰਧੀ ਦਿੱਤੇ ਬਿਆਨ ਨੂੰ ਗੰਭੀਰਤਾ ਨਾਲ ਦੇਖਦਿਆਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਭਾਜਪਾ ਵੀ ਇਸ ਮਾਮਲੇ ‘ਤੇ ਹਮਲਾ ਬੋਲਿਆ ਹੈ। ਬੀਤੀ 18 ਅਪ੍ਰੈਲ ਨੂੰ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਉਠਾਇਆ ਗਿਆ ਮਾਮਲਾ ਬਹੁਤ ਗੰਭੀਰ ਹੈ। ਨਾਲ ਹੀ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਐਨ.ਆਈ.ਏ. ਤੋ ਕਰਵਾਉਣੀ ਚਾਹੀਦੀ ਹੈ।