ਪਟਿਆਲਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸ਼ਹਿਰ ਦੇ ਅਮਨ ਨਗਰ ਦੀ ਲੜਕੀ ਮਾਨਵੀ ਦੀ ਕੇਕ ਖਾਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਸਿਹਤ ਵਿਭਾਗ ਵੱਲੋਂ ਬੇਕਰੀ ਵਿੱਚੋਂ ਲਏ 4 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ। ਇਨ੍ਹਾਂ ਵਿੱਚੋਂ 2 ਸੈਂਪਲ ਸਬ-ਸਟੈਂਡਰਡ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ: ਵਿਜੇ ਕੁਮਾਰ ਜਿੰਦਲ ਨੇ ਦੱਸਿਆ ਕਿ ਕੇਕ ਕਰੀਮ ਨਿਰਧਾਰਤ ਮਾਪਦੰਡਾਂ ‘ਤੇ ਖਰੀ ਨਹੀਂ ਉਤਰਦੀ।ਸਬ-ਸਟੈਂਡਰਡ ਬਾਰੇ ਉਨ੍ਹਾਂ ਕਿਹਾ ਕਿ ਜਿਸ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੀ ਸਹੀ ਮਾਤਰਾ ਨਹੀਂ ਪਾਈ ਜਾਂਦੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਹੁਣ ਬੇਕਰੀ ਨੂੰ ਨੋਟਿਸ ਜਾਰੀ ਕਰਨਗੇ ਅਤੇ ਉਨ੍ਹਾਂ ਨੂੰ ਕਿਸੇ ਹੋਰ ਲੈਬਾਰਟਰੀ ਤੋਂ ਜਾਂਚ ਕਰਵਾਉਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਜੇਕਰ ਬੇਕਰੀ ਮਾਲਕ ਕਿਸੇ ਹੋਰ ਲੈਬਾਰਟਰੀ ਤੋਂ ਟੈਸਟ ਕਰਵਾਉਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ ਅਤੇ ਅੱਗੇ ਮਾਣਯੋਗ ਅਦਾਲਤ ਹੀ ਫੈਸਲਾ ਕਰੇਗੀ।