ਕੈਨੇਡਾ ਤੋਂ ਆਏ ਪੁੱਤ ਨੇ ਸਾਥੀਆਂ ਨਾਲ ਮਿਲ ਕੇ ਬਾਪ ਨਾਲ ਕੀਤੀ ਕੁੱਟਮਾਰ,ਮਾਮਲਾ ਦਰਜ

ਚੰਡੀਗੜ੍ਹ ਪੰਜਾਬ


ਫ਼ਿਰੋਜ਼ਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਗੋਗੋਆਣੀ ਵਿੱਚ ਇੱਕ ਕੈਨੇਡੀਅਨ ਲੜਕੇ ਵੱਲੋਂ 5 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਆਪਣੇ ਹੀ ਪਿਤਾ ਨੂੰ ਪੈਸਿਆਂ ਲਈ ਕੁੱਟ-ਕੁੱਟ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਨੌਜਵਾਨ ਲਵਪ੍ਰੀਤ ਸਿੰਘ ਅਤੇ ਉਸਦੇ ਅਣਪਛਾਤੇ ਸਾਥੀਆਂ ਖਿਲਾਫ ਆਈ.ਪੀ.ਸੀ. ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਵੀਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਪਿੰਡ ਗੋਗੋਆਣੀ ਨੇ ਪੁਲੀਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਕਿ ਉਸ ਦੇ ਦੋ ਲੜਕੇ ਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਹਨ। ਛੋਟਾ ਲੜਕਾ ਮਨਪ੍ਰੀਤ ਸਿੰਘ ਆਸਟ੍ਰੇਲੀਆ ਰਹਿੰਦਾ ਹੈ, ਜਦਕਿ ਵੱਡਾ ਲਵਪ੍ਰੀਤ ਕੈਨੇਡਾ ਰਹਿੰਦਾ ਹੈ।
ਕੈਨੇਡਾ ਰਹਿੰਦਾ ਮੁੰਡਾ ਇਨ੍ਹੀਂ ਦਿਨੀਂ ਪੰਜਾਬ ਆਇਆ ਹੋਇਆ ਹੈ। ਸ਼ਿਕਾਇਤਕਰਤਾ ਜਸਵੀਰ ਕੌਰ ਅਨੁਸਾਰ ਜਦੋਂ ਤੋਂ ਲਵਪ੍ਰੀਤ ਸਿੰਘ ਕੈਨੇਡਾ ਤੋਂ ਪਰਤਿਆ ਹੈ, ਉਹ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦਾ ਆ ਰਿਹਾ ਹੈ। ਉਹ ਰੋਜ਼ਾਨਾ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ, ਜਿਸ ਕਾਰਨ ਸ਼ਿਕਾਇਤਕਰਤਾ ਨੇ ਉਸ ਨੂੰ ਘਰੋਂ ਬੇਦਖ਼ਲ ਕਰ ਦਿੱਤਾ ਹੈ।
ਉਸਨੇ ਦੱਸਿਆ ਕਿ ਬੀਤੇ ਦਿਨੀਂ ਉਸਦਾ ਲੜਕਾ ਲਵਪ੍ਰੀਤ ਸਿੰਘ 5 ਅਣਪਛਾਤੇ ਵਿਅਕਤੀਆਂ ਨਾਲ ਘਰ ਆਇਆ। ਉਸ ਨੇ ਆਉਂਦਿਆਂ ਹੀ ਆਪਣੇ ਪਿਤਾ ਅੰਗਰੇਜ਼ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਸਵੀਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦਾ ਸਿਵਲ ਹਸਪਤਾਲ ਜੀਰਾ ਵਿਖੇ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *