ਪਠਾਨਕੋਟ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਅੱਜ ਵੀਰਵਾਰ ਸਵੇਰੇ ਪਠਾਨਕੋਟ ਦੇ ਆਰਮੀ ਸਟੇਸ਼ਨ ਤੋਂ ਮਹਿਜ਼ 30 ਮੀਟਰ ਦੂਰ ਨਹਿਰ ਦੇ ਕੰਢੇ ਹੋਏ ਧਮਾਕੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇਹ ਘਟਨਾ ਸਵੇਰੇ ਕਰੀਬ 11:35 ਵਜੇ ਪਠਾਨਕੋਟ-ਸੁਜਾਨਪੁਰ ਰੋਡ ‘ਤੇ ਸਥਿਤ ਨਵਾਂ ਪੁਲ ਅਬਰੋਲ ਨਗਰ ‘ਤੇ ਵਾਪਰੀ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਰੀਬ ਦੋ ਕਿਲੋਮੀਟਰ ਦੂਰ ਲੋਕਾਂ ਦੇ ਘਰਾਂ ਤੱਕ ਪਹੁੰਚ ਗਈ, ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ।
ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਸਿਟੀ ਸੁਮੀਰ ਸਿੰਘ ਮਾਨ ਵੀ ਭਾਰੀ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ। ਰਾਹਤ ਦੀ ਗੱਲ ਇਹ ਹੈ ਕਿ ਕਿਸੇ ਤਰ੍ਹਾਂ ਦਾ ਕੋਈ ਖਾਸ ਨੁਕਸਾਨ ਨਹੀਂ ਹੋਇਆ ਹੈ।
ਸੂਤਰਾਂ ਅਨੁਸਾਰ ਪੁਲਿਸ ਨੇ ਆਸ-ਪਾਸ ਦੇ ਘਰਾਂ ਅਤੇ ਦੁਕਾਨਾਂ ਦੇ ਸੀਸੀਟੀਵੀ ਕੈਮਰੇ ਵੀ ਸਕੈਨ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮਾਮਲੇ ਦੀ ਸਾਂਝੇ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸੇ ਨੇ ਜਾਣਬੁੱਝ ਕੇ ਕੋਈ ਵਿਸਫੋਟਕ ਤਾਂ ਨਹੀਂ ਸੁੱਟਿਆ। 2016 ‘ਚ ਏਅਰਫੋਰਸ ਸਟੇਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਕਿਸੇ ਆਰਮੀ ਬੇਸ ਨੇੜੇ ਇਹ ਦੂਜਾ ਧਮਾਕਾ ਹੋਇਆ ਹੈ।