ਦਿੱਲੀ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਾਗ ਨੇ ਕਿਹਾ ਕਿ 26 ਅਤੇ 27 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਲੱਦਾਖ, ਪੰਜਾਬ ਅਤੇ ਹਰਿਆਣਾ ‘ਚ ਕਈ ਥਾਵਾਂ ‘ਤੇ ਗੜੇਮਾਰੀ, ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਮੀਂਹ ਪੈ ਸਕਦਾ ਹੈ।
ਆਈਐਮਡੀ ਨੇ ਆਪਣੇ ਤਾਜ਼ਾ ਅਪਡੇਟ ਵਿੱਚ ਕਿਹਾ ਹੈ ਕਿ ਪੱਛਮੀ ਬੰਗਾਲ ਵਿੱਚ ਕਈ ਸਥਾਨਾਂ ਅਤੇ ਓਡੀਸ਼ਾ ਵਿੱਚ ਕੁਝ ਥਾਵਾਂ ‘ਤੇ ਗਰਮੀ ਦੀ ਲਹਿਰ ਤੋਂ ਲੈ ਕੇ ਗੰਭੀਰ ਗਰਮੀ ਦੀ ਲਹਿਰ ਦੇ ਹਾਲਾਤ ਬਣ ਸਕਦੇ ਹਨ। ਮੌਸਮ ਵਿਭਾਗ ਅਨੁਸਾਰ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਕੋਂਕਣ ਅਤੇ ਗੋਆ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ, ਰਾਇਲਸੀਮਾ, ਤੇਲੰਗਾਨਾ ਅਤੇ ਅੰਦਰੂਨੀ ਕਰਨਾਟਕ ਵਿੱਚ 25 ਅਪ੍ਰੈਲ ਤੋਂ 29 ਅਪ੍ਰੈਲ ਤੱਕ ਹੀਟ ਵੇਵ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।
ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਨੇ ਕਿਹਾ ਕਿ 26 ਤੋਂ 28 ਅਪ੍ਰੈਲ ਤੱਕ ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਦਾ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਅੱਗੇ ਕਿਹਾ ਕਿ ਇਸ ਦੌਰਾਨ ਕਈ ਥਾਵਾਂ ‘ਤੇ ਬਿਜਲੀ ਅਤੇ ਗਰਜ ਦੇ ਨਾਲ ਗੜੇਮਾਰੀ ਹੋ ਸਕਦੀ ਹੈ।