ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 403ਵੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਏ ਗਏ ।

ਪੰਜਾਬ


ਐੱਸ ਏ ਐੱਸ ਨਗਰ,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦਾ 403ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।  ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਜਲੂਮਾਂ ਦੀ ਰਾਖੀ ਲਈ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਰ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ ।
ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਗੁਰੂ ਸਾਹਿਬ ਵਲੋਂ ਉਚਾਰਨ ਧੁਰ ਕੀ ਬਾਣੀ ਦੇ 15 ਰਾਗਾਂ ਵਿੱਚ 59 ਸ਼ਬਦ ਅਤੇ 57 ਸ਼ਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ । ਇਸ ਤੋਂ ਇਲਾਵਾ ਧਰਮ ਸਿੰਘ ਪਟਿਆਲੇ ਵਾਲੇ, ਭਾਈ ਹਰਭਜਨ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਸਰਬਜੋਤ ਸਿੰਘ, ਭਾਈ ਦਿਲਬਰ ਸਿੰਘ, ਭਾਈ ਬਲਦੇਵ ਸਿੰਘ, ਬੀਬੀ ਕੁਲਵਿੰਦਰ ਕੌਰ, ਭਾਈ ਮਨਪ੍ਰੀਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਤੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ 1 ਮਈ 2024 ਤੋਂ ਰੋਜ਼ਾਨਾ 40 ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ 2 ਪਾਠ ਸੰਗਤ ਰੂਪ ਵਿੱਚ ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਵਲੋਂ ਕੀਤੇ ਜਾਣਗੇ ।

Leave a Reply

Your email address will not be published. Required fields are marked *