ਮੋਹਾਲੀ 30 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ । ਉਨ੍ਹਾਂ ਗੁਰੂ ਸਾਹਿਬਾਨ ਜੀ ਵੱਲੋੱ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਦੱਸਿਆ । ਭਾਈ ਬਲਦੇਵ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਗੁਰੂ ਸਾਹਿਬ ਵੱਲੋਂ ਉਚਾਰਨ ਧੂਰ ਕੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਬਾਰ੍ਹਾਂ ਮਾਹ ਜੀ , ਸ੍ਰੀ ਸ਼ਬਦ ਹਜ਼ਾਰੇ ਜੀ, ਅਤੇ 30 ਰਾਗਾਂ ਵਿੱਚ 2218 ਸ਼ਬਦ ਜੋ ਕਿ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ, ਭਾਈ ਜੁਝਾਰ ਸਿੰਘ , ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਬਲਜੀਤ ਸਿੰਘ, ਬੀਬੀ ਬਲਵਿੰਦਰ ਕੌਰ, ਭਾਈ ਸੁਖਵਿੰਦਰ ਸਿੰਘ, ਭਾਈ ਹਰਬੀਰ ਸਿੰਘ ਦੇ ਜੱਥਿਆਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।