ਚੰਡੀਗੜ੍ਹ 4 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਪੰਜਾਬ ਰਾਖਵਾਂਕਰਨ ਨੀਤੀ ਲਾਗੂ ਕਰਾਉਣ ਲਈ ਵਿਦਿਆਰਥੀ ਜਥੇਬੰਦੀਆਂ ਸੱਥ ਲਗਾਤਾਰ ਸੰਘਰਸ਼ ਪ੍ਰਦਰਸ਼ਨ ਕਰ ਰਹੀ ਹੈ। ਜਿਸ ਦੇ ਕਾਰਨ ਵੀ.ਸੀ.ਵੱਲੋਂ ਸੱਥ ਦੇ 7 ਅਤੇ ਐਸ.ਐਫ.ਐਸ ਦੇ 1 ਮੈਂਬਰ ਯੂਨੀਵਰਸਿਟੀ ਕੈਪਸ ਵਿੱਚੋਂ 1 ਮਹੀਨੇ ਲਈ ਸਸਪੈਂਡ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਹੋਸਟਲ ਖਾਲੀ ਕਰਨ ਦੇ ਲਈ ਆਦੇਸ਼ ਜਾਰੀ ਕੀਤੇ ਹਨ। ਜਿਸਦੇ ਰੋਸ ਵਜੋਂ ਵਿਦਿਆਰਥੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ।
ਵਿਦਿਆਰਥੀ ਜਥੇਬੰਦੀ ਸੱਥ ਵਲੋਂ ਪੰਜਾਬ ਯੂਨੀਵਰਸਿਟੀ ‘ਚ ਪ੍ਰੋਫੈਸਰਾਂ ਦੀ ਹੋ ਰਹੀ ਭਰਤੀ ‘ਚ ਪੰਜਾਬ ਦੀ ਰਾਖਵਾਂਕਰਨ ਨੀਤੀ ਲਾਗੂ ਕਰਾਉਣ ਲਈ ਪਿਛਲੇ ਦੋ ਹਫਤਿਆਂ ਤੋਂ ਵੀਸੀ ਦਫਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਮੇਂ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸੱਥ ਦੇ ਮੈਂਬਰਾਂ ਦਰਮਿਆਨ ਕਈ ਮੀਟਿੰਗ ਹੋ ਚੁੱਕੀਆਂ ਹਨ ਪਰ ਅਜੇ ਤੱਕ ਸਹਿਮਤੀ ਨਹੀਂ ਬਣ ਸਕੀ। ਵਿਦਿਆਰਥੀ ਜਥੇਬੰਦੀ ਸੱਥ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਇਸ ਮਸਲੇ ‘ਤੇ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ।
ਤਕਰੀਬਨ 16 ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਵਾਈਸ ਚਾਂਸਲਰ ਆਫਿਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਅਤੇ ਵਿਦਿਆਰਥੀ ਜਥੇਬੰਦੀਆਂ ਨੇ ਇਹੀ ਮੰਗ ਕੀਤੀ ਹੈ ਕਿ ਜਿਹੜੇ ਵੀ ਵਿਦਿਆਰਥੀਆਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਦੀ ਬਾਹਲੀ ਕੀਤੀ ਜਾਵੇ। ਜੱਥੇਬੰਦੀ ਦੀ ਮੰਗ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਵਿਦਿਆਰਥੀਆਂ ਦੇ ਇਮਤਿਹਾਨ ਸ਼ੁਰੂ ਹੋਣ ਵਾਲੇ ਹਨ, ਉਨ੍ਹਾਂ ਵਿੱਚ ਵੀ ਵਿਦਿਆਰਥੀਆਂ ਨੂੰ ਬੈਠਣ ਦੀ ਆਗਿਆ ਵੀ ਦਿੱਤੀ ਜਾਵੇ।