ਚੰਡੀਗੜ੍ਹ, 4 ਮਈ, ਬੋਲੇ ਪੰਜਾਬ ਬਿਓਰੋ:
ਕੈਨੇਡੀਅਨ ਪੁਲਿਸ ਨੇ ਪਿਛਲੇ ਸਾਲ ਬ੍ਰਿਟਿਸ਼ ਕੋਲੰਬੀਆ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਤ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਸੂਤਰਾਂ ਅਨੁਸਾਰ ਨਿੱਝਰ ਦੇ ਕਤਲ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਮੁਲਜ਼ਮ ਕੈਨੇਡਾ ਵਿੱਚ ਹੀ ਕੀਤੇ ਤਿੰਨ ਹੋਰ ਕਤਲਾਂ ਵਿੱਚ ਵੀ ਲੋੜੀਂਦੇ ਹਨ।
ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨ ਬਰਾੜ ਵਜੋਂ ਹੋਈ ਹੈ। ਉਹ ਪੰਜਾਬ ਦੇ ਨਾਗਰਿਕ ਦੱਸੇ ਜਾਂਦੇ ਹਨ। ਇਹ ਸਾਰੇ ਆਰਜ਼ੀ ਅਤੇ ਵਿਦਿਆਰਥੀ ਵੀਜ਼ੇ ‘ਤੇ ਸਾਲ 2021 ‘ਚ ਕੈਨੇਡਾ ਗਏ ਸਨ ਪਰ ਇਨ੍ਹਾਂ ‘ਚੋਂ ਕਿਸੇ ਨੇ ਵੀ ਪੜ੍ਹਾਈ ਲਈ ਉੱਥੇ ਦਾਖਲਾ ਨਹੀਂ ਲਿਆ ਸੀ।ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਮੁਲਜ਼ਮ ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ।
ਦੱਸਣਯੋਗ ਹੈ ਕਿ ਭਾਰਤ ਨੇ ਨਿੱਝਰ ਦੀ ਹੱਤਿਆ ‘ਤੇ ਪ੍ਰਧਾਨ ਮੰਤਰੀ ਟਰੂਡੋ ਬਿਆਨਾਂ ਨੂੰ ਬੇਤੁਕੇ ਕਰਾਰ ਦਿੱਤਾ ਸੀ
ਪੁਲਿਸ ਦਾ ਮੰਨਣਾ ਹੈ ਕਿ ਸਰੀ ਵਿੱਚ ਨਿੱਝਰ ਦੇ ਕਤਲ ਦੌਰਾਨ ਮੁਲਜ਼ਮਾਂ ਨੇ ਵੱਖ-ਵੱਖ ਭੂਮਿਕਾਵਾਂ ਨਿਭਾਈਆਂ ਸਨ। ਇਨ੍ਹਾਂ ਵਿੱਚ ਨਿੱਝਰ ਨੂੰ ਗੋਲੀ ਮਾਰਨਾ, ਘਟਨਾ ਸਮੇਂ ਗੱਡੀ ਚਲਾਉਣਾ ਅਤੇ ਨਿੱਝਰ ਦੀ ਮੌਜੂਦਗੀ ਬਾਰੇ ਜਾਣਕਾਰੀ ਦੇਣਾ ਸ਼ਾਮਲ ਹੈ।
45 ਸਾਲਾ ਕੈਨੇਡੀਅਨ ਨਾਗਰਿਕ ਹਰਦੀਪ ਨਿੱਝਰ ਦਾ 18 ਜੂਨ, 2023 ਨੂੰ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਸਰੀ ਦੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਘਰ ਜਾ ਰਿਹਾ ਸੀ।