ਅਕਾਲੀ ਦਲ ਨੇ ਐਸਜੀਪੀਸੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਚੋਂ ਕੱਢਿਆ

ਚੰਡੀਗੜ੍ਹ ਪੰਜਾਬ

 

ਚੰਡੀਗੜ੍ਹ 8 ਮਈ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਸਜੀਪੀਸੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੀਆਂ ਕਈ ਸ਼ਿਕਾਇਤਾਂ ਤੋਂ ਬਾਅਦ ਲਿਆ ਹੈ ਕਿ ਬੀਬੀ ਹਰਜਿੰਦਰ ਕੌਰ ਭਾਰਤੀ ਜਨਤਾ ਪਾਰਟੀ (ਭਾਜਪਾ)  ਉਮੀਦਵਾਰ ਸੰਜੇ ਟੰਡਨ ਦਾ ਸਮਰਥਨ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪਾਰਟੀ ਨੂੰ ਜਾਣਬੁੱਝ ਕੇ ਤੋੜ-ਮਰੋੜ ਰਹੀ ਹੈ
ਸਕੱਤਰ ਜਨਰਲ ਨੇ ਕਿਹਾ ਕਿ ਉਹਨਾਂ ਨੂੰ ਬੀਬੀ ਹਰਜਿੰਦਰ ਕੌਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਵੀਡੀਓ ਸਬੂਤ ਮਿਲਿਆ ਸੀ ਅਤੇ ਉਹ ਇਹ ਕਦਮ ਚੁੱਕਣ ਵਾਸਤੇ ਮਜਬੂਰ ਹੋਏ ਹਨ ਤਾਂ ਜੋ ਸਪਸ਼ਟ ਸੰਦੇਸ਼ ਦਿੱਤਾ ਜਾ ਸਕੇ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਮੈਂਬਰ ਦੇ ਅਨੈਤਿਕ ਵਿਹਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਸਰਦਾਰ ਭੂੰਦੜ ਨੇ ਕਿਹਾ ਕਿ ਇਹ ਪਹਿਲੀਵਾਰ ਨਹੀਂ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਪਾਰਟੀ ਦੇ ਸਿਧਾਂਤਾਂ ਦੇ ਉਲਟ ਗਏ ਹਨ। ਇਸ ਤੋਂ ਪਹਿਲਾਂ ਵੀ ਸ਼ਿਕਾਇਤਾਂ ਮਿਲੀਆਂ ਸਨ ਕਿ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਨਾਲ ਸਮਝੌਤਾ ਕਰ ਲਿਆ ਹੈ ਅਤੇ ਉਹਨਾਂ ਨੂੰ ਕੇਸਰੀਆ ਪਾਰਟੀ ਦੀ ਹਮਾਇਤ ਬਦਲੇ ਅਹਿਮ ਅਹੁਦੇ ਮਿਲਣੇ ਹਨ। ਉਹਨਾਂ ਕਿਹਾ ਕਿ ਅਸੀਂ ਉਹਨਾਂ ਨੂੰ ਲੰਬਾ ਸਮਾਂ ਦਿੱਤਾ ਤਾਂ ਜੋ ਉਹ ਆਪਣੀਆਂ ਗਲਤੀਆਂ ਮਹਿਸੂਸ ਕਰਨ ਅਤੇ ਦਿਲੋਂ ਪੰਥਕ ਸਫਾਂ ਵਿਚ ਵਾਪਸ ਆ ਜਾਣ ਪਰ ਇਸ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਸਭ ਹੱਦ ਬੰਨੇ ਅੱਪ ਗਏ ਤੇ ਉਹਨਾਂ ਨੇ ਚੰਡੀਗੜ੍ਹ ਵਿਚ ਭਾਜਪਾ ਉਮੀਦਵਾਰ ਦੀ ਹਮਾਇਤ ਕਰ ਦਿੱਤੀ ਹੈ। ਅਜਿਹਾ ਕਰਦਿਆਂ ਉਹਨਾਂ ਨੇ ਨਾ ਸਿਰਫ ਪਾਰਟੀ ਲੀਹਾਂ ਨੂੰ ਤੋੜਿਆ ਹੈ ਬਲਕਿ ਪੰਜਾਬੀਆਂ ਅਤੇ ਖਾਸ ਤੌਰ ’ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਹੈ ਕਿਉਂਕਿ ਕੇਂਦਰ ਦੇ ਕਿਸਾਨ ਵਿਰੋਧੀ ਕਦਮਾਂ ਦੇ ਨਾਲ-ਨਾਲ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਤੋਂ ਇਨਕਾਰ ਕਰਨ ਕਾਰਨ ਸਿੱਖ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਬੰਦੀ ਸਿੰਘ 26 ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹ ਬੀਬੀ ਹਰਜਿੰਦਰ ਕੌਰ ਵਰਗੀ ਸੀਨੀਅਰ ਆਗੂ ਨੂੰ ਸ਼ੋਭਾ ਨਹੀਂ ਦਿੰਦਾ ਕਿ ਉਹ ਪਾਰਟੀ ਦੇ ਮੂਲ ਫਲਸਫੇ ਦੇ ਖਿਲਾਫ ਜਾਣ।
ਸਰਦਾਰ ਭੂੰਦੜ ਨੇ ਸਪਸ਼ਟ ਕੀਤਾ ਕਿ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਲਿਆ ਗਿਆ ਹੈ। ਉਹਨਾਂ ਕਿਹਾ ਕਿ ਮੈਂ ਸ਼ਿਕਾਇਤਕਰਤਾਵਾਂ ਦੇ ਨਾਲ ਨਾਲ ਚੰਡੀਗੜ੍ਹ ਇਕਾਈ ਦੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਲਿਆ ਹੈ ਜਿਹਨਾਂ ਨੇ ਮੈਨੂੰ ਪਾਰਟੀ ਦੇ ਹਿੱਤਾਂ ਵਿਚ ਇਹ ਕਦਮ ਚੁੱਕਣ ਵਾਸਤੇ ਆਖਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹਵੀ ਰਿਪੋਰਟਾਂ ਮਿਲੀਆਂ ਹਨ ਕਿ ਭਾਜਪਾ ਪਾਰਲੀਮਾਨੀ ਚੋਣ ਵਿਚ ਪਾਰਟੀ ਆਗੂਆਂ ਨੂੰ ਆਕਰਸ਼ਤ ਕਰਨ ਵਾਸਤੇ ਵੱਡੇ ਅਹੁਦੇ ਦੇਣ ਦੀ ਪੇਸ਼ਕਸ਼ ਕਰ ਰਿਹਾ ਹੈ।
ਅਕਾਲੀ ਆਗੂ ਨੇ ਚੰਡੀਗੜ੍ਹ ਇਕਾਈ ਵੱਲੋਂ ਇਕਜੁੱਟ ਰਹਿ ਕੇ ਅਕਾਲੀ ਦਲ ਨਾਲ ਡਟੇ ਰਹਿਣ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਕਾਈ ਪਹਿਲਾਂ ਹੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੇ ਮਾਮਲੇ ਵਿਚ ਫੈਸਲਾ ਲੈਣ ਦੇ ਅਧਿਕਾਰ ਦੇ ਚੁੱਕੀ ਹੈ।

Leave a Reply

Your email address will not be published. Required fields are marked *