ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਓਰੋ:
ਕਾਊਂਟਰ ਇੰਟੈਲੀਜੈਂਸ ਟੀਮ ਜਲੰਧਰ ਨੂੰ ਵੱਡੀ ਸਫਲਤਾ ਮਿਲੀ ਹੈ। ਖੁਫੀਆ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ, ਟੀਮ ਨੇ ਇਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸੀਆਈ ਟੀਮ ਨੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 6 ਗੈਰ ਕਾਨੂੰਨੀ ਪਿਸਤੌਲ ਅਤੇ 7 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਪੋਸਟ ‘ਚ ਕਿਹਾ ਗਿਆ ਹੈ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਰੈਕੇਟ ਗੈਰ ਕਾਨੂੰਨੀ ਕੰਮ ਕਰ ਰਿਹਾ ਸੀ ਅਤੇ ਪਿਛਲੇ 6 ਮਹੀਨਿਆਂ ‘ਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।
ਹੁਣ ਤੱਕ ਪੁਲਿਸ ਨੇ 2 ਸਮੱਗਲਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਮਾਡਿਊਲ ਦੇ ਦੋ ਅਹਿਮ ਮੈਂਬਰਾਂ ਦੀ ਸ਼ਨਾਖ਼ਤ ਹੋ ਚੁੱਕੀ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ।ਇਨ੍ਹਾਂ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ‘ਚ ਨਾਮਜ਼ਦ ਕੀਤਾ ਗਿਆ ਹੈ।