ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਲੋਕਤੰਤਰ ਦੀ ਜਿੱਤ ਤੇ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ ਪੰਜਾਬ

ਹਰਜੋਤ ਬੈਂਸ, ਚੇਤਨ ਸਿੰਘ ਜੋੜਾਮਾਜਰਾ, ਬਲਬੀਰ ਸਿੰਘ ਤੇ ਨੀਲ ਗਰਗ ਨੇ ਜਤਾਈ ਖੁਸ਼ੀ


ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਓਰੋ:
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਮਿਲਣ ‘ਤੇ ‘ਆਪ’ ਆਗੂਆਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਜਸ਼ਨ ਮਨਾਇਆ ਅਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ‘ਆਪ’ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਵੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਅਕਾਊਂਟ ਤੇ ਲਿਖਿਆ ਸੁਪਰੀਮ ਕੋਰਟ ਦਾ ਧੰਨਵਾਦ, ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਲਈ ਹੋਰ ਸ਼ਿੱਦਤ ਨਾਲ ਲੜਾਈ ਲੜਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਸਗੋਂ ਇੱਕ ਸੋਚ ਹਨ ਅਤੇ ਹੁਣ ਅਸੀਂ ਉਨ੍ਹਾਂ ਦੀ ਸੋਚ ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਜਾਵਾਂਗੇ।


ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਇੱਕ ਗੱਲ ਸਾਬਤ ਹੋ ਗਈ ਹੈ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਆਸ ਦੀ ਕਿਰਨ ਜਾਗ ਪਈ ਹੈ। ਅਰਵਿੰਦ ਕੇਜਰੀਵਾਲ ਜੀ ਦੇ ਬਾਹਰ ਆਉਣ ਨਾਲ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਹੁਣ ਪੂਰਾ ਦੇਸ਼ ਇਸ ਲੜਾਈ ਨੂੰ ਇਕੱਠੇ ਲੜੇਗਾ ਅਤੇ ਲੋਕਤੰਤਰ ਮਜ਼ਬੂਤ ਹੋਵੇਗਾ।
ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਭਾਜਪਾ ਨੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਕੇ ਲੋਕਾਂ ਦਾ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ।
ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਅਸੀਂ ਸਾਰੇ ‘ਆਪ’ ਵਰਕਰ ਬਹੁਤ ਖੁਸ਼ ਹਾਂ। ਹੁਣ ਅਸੀਂ ਹੋਰ ਵੀ ਉਤਸ਼ਾਹ ਨਾਲ ਚੋਣਾਂ ਲੜਾਂਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਮਿਸ਼ਨ 13-0 ਨੂੰ ਪੂਰਾ ਕਰਾਂਗੇ।
‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਸਿਰਫ਼ ਅੰਤਰਿਮ ਜ਼ਮਾਨਤ ਹੀ ਨਹੀਂ ਹੈ, ਇਹ ਲੋਕਤੰਤਰ ਦੀ ਵੱਡੀ ਜਿੱਤ ਹੈ, ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਲੋਕਤੰਤਰ ਦਾ ਘਾਣ ਕਰਨ ਵਾਲਿਆਂ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਕਰਾਰਾ ਝਟਕਾ ਦਿੱਤਾ ਹੈ। ਭਾਜਪਾ ਵਾਲੇ ਕ੍ਰਾਂਤੀਕਾਰੀ ਨੇਤਾ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਸੀ, ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਸਾਡੇ ਲੋਕਤੰਤਰ ਦੀ ਵੱਡੀ ਜਿੱਤ ਹੈ, ਅਸੀਂ ਆਪਣੇ ਲੋਕਤੰਤਰ ਦੀ ਰਾਖੀ ਲਈ ਮਾਣਯੋਗ ਅਦਾਲਤ ਦੇ ਧੰਨਵਾਦੀ ਹਾਂ।

Leave a Reply

Your email address will not be published. Required fields are marked *