ਚੰਡੀਗੜ੍ਹ, 10 ਮਈ, ਬੋਲੇ ਪੰਜਾਬ ਬਿਓਰੋ:
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਰਜ਼ੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੰਮ੍ਰਿਤਪਾਲ ਨੇ ਹਾਈ ਕੋਰਟ ਤੋਂ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ, ਤਾਂ ਜੋ ਉਹ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰ ਸਕੇ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜ ਰਿਹਾ ਹੈ।
ਨਾਮਜ਼ਦਗੀ ਦਾਖਲ ਲਈ ਮੰਗੀ ਗਈ ਰਿਹਾਈ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ। ਜਿਸ ਤੋਂ ਬਾਅਦ ਇਹ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਭਰਨਗੇ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੂੰ ਪੰਜਾਬ ਸਰਕਾਰ ਹਰ ਸਹੂਲਤ ਮੁਹੱਈਆ ਕਰਵਾਏਗੀ। ਪੰਜਾਬ ਸਰਕਾਰ ਨੇ ਇਹ ਗੱਲ ਹਾਈਕੋਰਟ ‘ਚ ਪਟੀਸ਼ਨ ਦੀ ਸੁਣਵਾਈ ਦੌਰਾਨ ਕਹੀ ਹੈ, ਪੰਜਾਬ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਵਾਲੀ ਜਵਾਬ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸੋਮਵਾਰ ਨੂੰ ਨਾਮਜ਼ਦਗੀ ਦੀ ਪ੍ਰਕਿਰਿਆ ਪੂਰੀ ਹੋਵੇਗੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਆਸਾਮ ਦੀ ਜੇਲ੍ਹ ‘ਚ ਬੰਦ ਹਨ। ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਐਨਐਸਏ ਐਕਟ, 1980 ਦੇ ਤਹਿਤ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਾਅਦ ਵਿੱਚ ਮਾਰਚ ਵਿੱਚ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੁਆਰਾ ਉਨ੍ਹਾਂ ਦੇ ਖਿਲਾਫ ਦੂਜੀ ਨਜ਼ਰਬੰਦੀ ਦੇ ਹੁਕਮ ਪਾਸ ਕੀਤੇ ਗਏ ਸਨ।