ਮੋਹਾਲੀ, 10 ਮਈ,ਬੋਲੇ ਪੰਜਾਬ ਬਿਓਰੋ:
ਲੜਕੀ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ 24 ਸਾਲਾ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਦੋਵੇਂ ਨੌਜਵਾਨ ਮ੍ਰਿਤਕ ਨੂੰ ਸੋਹਾਣਾ ਹਸਪਤਾਲ ਦੀ ਐਮਰਜੈਂਸੀ ਵਿੱਚ ਛੱਡ ਕੇ ਫਰਾਰ ਹੋ ਗਏ। ਜਦੋਂ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਤਾਂ ਉਹ ਮ੍ਰਿਤਕ ਪਾਇਆ ਗਿਆ। ਮ੍ਰਿਤਕ ਦੀ ਪਛਾਣ ਯੂਨਾਈਟਿਡ ਸੁਸਾਇਟੀ ਸੈਕਟਰ-68 ਦੇ ਰਹਿਣ ਵਾਲੇ ਕਰਨਵੀਰ ਸਿੰਘ ਵਜੋਂ ਹੋਈ ਹੈ। ਹਸਪਤਾਲ ਦੀ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਥਾਣਾ ਐਰੋਸਿਟੀ ਪੁਲੀਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਨੌਜਵਾਨਾਂ ਦੀ ਭਾਲ ਜਾਰੀ ਹੈ। ਕਰਨਵੀਰ ਸਿੰਘ ਦੀ ਇੱਕ ਭੈਣ ਹੈ ਜੋ ਵਿਦੇਸ਼ ਵਿੱਚ ਰਹਿੰਦੀ ਹੈ।
ਕਰਨਵੀਰ ਆਪਣੇ ਮਾਤਾ-ਪਿਤਾ ਨਾਲ ਸੈਕਟਰ-68 ‘ਚ ਰਹਿ ਰਿਹਾ ਸੀ। ਉਸ ਨੇ ਹਾਲ ਹੀ ਵਿੱਚ ਗ੍ਰੈਜੂਏਸ਼ਨ ਕੀਤੀ ਸੀ ਅਤੇ ਆਰਟੀਓ ਦਫ਼ਤਰ ਵਿੱਚ ਅਸਥਾਈ ਤੌਰ ‘ਤੇ ਕੰਮ ਕਰ ਰਿਹਾ ਸੀ। ਇਹ ਪਰਿਵਾਰ ਮੂਲ ਰੂਪ ਵਿੱਚ ਨਕੋਦਰ ਦਾ ਰਹਿਣ ਵਾਲਾ ਹੈ। ਪੁਲਿਸ ਪੁੱਛਗਿੱਛ ਵਿੱਚ ਹੁਣ ਤੱਕ ਸਾਹਮਣੇ ਆਇਆ ਹੈ ਕਿ ਲੜਕੀ ਨੂੰ ਲੈ ਕੇ ਦੋ ਨੌਜਵਾਨਾਂ ਦਾ ਕਰਨਬੀਰ ਸਿੰਘ ਨਾਲ ਝਗੜਾ ਹੋਇਆ ਸੀ, ਜਿਸ ਦੌਰਾਨ ਉਨ੍ਹਾਂ ਦੀ ਲੜਾਈ ਵੱਧ ਗਈ ਸੀ। ਕਰਨਬੀਰ ਸਿੰਘ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਦੱਸਿਆ ਜਾ ਰਿਹਾ ਹੈ।