ਜਲੰਧਰ ਪੁਲਿਸ ਵੱਲੋਂ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 84 ਲੱਖ ਰੁਪਏ ਦੀ ਡਰੱਗ ਮਨੀ ਨਾਲ 13 ਕਾਬੂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 12 ਮਈ,ਬੋਲੇ ਪੰਜਾਬ ਬਿਓਰੋ:
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਾਲੀ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰਾਂ ਦੇ ਗਰੋਹ ਦਾ ਪਰਦਾਫ਼ਾਸ਼ ਕਰਦਿਆਂ 48 ਕਿਲੋ ਹੈਰੋਇਨ ਕੇਸ ਵਿਚ 13 ਮੈਂਬਰਾਂ ਨੂੰ 84 ਲੱਖ ਰੁਪਏ ਦੀ ਡਰੱਗ ਮਨੀ, ਦੋ ਲਗਜ਼ਰੀ ਕਾਰਾਂ ਤੇ ਇਕ ਟਰੱਕ ਸਮੇਤ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੁਲੀਸ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਡਰੱਗ ਨੈੱਟਵਰਕ ਵਿਚ ਸਪਲਾਇਰ, ਖਰੀਦਦਾਰ ਤੇ ਹਵਾਲਾ ਅਪਰੇਟਰਾਂ ਜਿਹੀਆਂ ਭੂਮਿਕਾ ਵਿਚ ਸਨ।

ਸਾਰੇ ਮੁਲਜ਼ਮ ਨਸ਼ੇ ਦੀ ਖਰੀਦ ਤੋਂ ਲੈ ਕੇ ਹਵਾਲਾ ਨੈੱਟਵਰਕ ਰਾਹੀਂ ਵਿਦੇਸ਼ਾਂ ਵਿੱਚ ਪੈਸੇ ਭੇਜਣ ਤੱਕ ਦੀਆਂ ਸਾਰੀਆਂ ਕਾਰਵਾਈਆਂ ਵਿੱਚ ਸ਼ਾਮਲ ਸਨ। ਪੁਲਿਸ ਨੇ ਅਜੇ ਤੱਕ ਸਾਰਿਆਂ ਦੀ ਪਛਾਣ ਨਹੀਂ ਕੀਤੀ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ।

ਜ਼ਿਕਰਯੋਗ ਹੈ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਿਸ ਵਿੱਚ ਫੜੇ ਗਏ ਮੁਲਜ਼ਮਾਂ ਦੀ ਪਛਾਣ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ ਬੰਗਾ, ਨਵਾਂਸ਼ਹਿਰ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਵਜੋਂ ਹੋਈ ਹੈ।

Leave a Reply

Your email address will not be published. Required fields are marked *