ਐੱਸ.ਏ. ਐੱਸ ਨਗਰ 13 ਮਈ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 314 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਪਰਵੀਨ ਸਿੰਘ ਪ੍ਰੀਤ ਦੇ ਪੰਥਕ ਜੱਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦੇ ਹੋਏ ਸੰਨ 1710 ਈ: ਵਿੱਚ ਵਜੀਰ ਖਾਨ ਨੂੰ ਮਾਰ ਕੇ, ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਫਤਹਿ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਭਾਈ ਮਨਦੀਪ ਸਿੰਘ ਜੀ ਗੁਰਦੁਆਰਾ ਸ੍ਰੀ ਭਾਮੀਆਂ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਅ੍ਰਮਿੰਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਸੰਤ ਬਾਬਾ ਰਵਿੰਦਰ ਸਿੰਘ ਜੀ, ਹਰਜੱਸ ਕੀਰਤਨੀ ਜੱਥਾ, ਭਾਈ ਗੁਰਦੀਪ ਸਿੰਘ, ਭਾਈ ਮਹਿੰਦਰ ਸਿੰਘ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ-ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਸਾਰੇ ਸਮਾਗਮ ਦਾ ਯੂਟਿਉੱਬ ਅਤੇ ਫੈਸਬੁੱਕ ਤੇ ਸਿੱਧਾ ਪ੍ਰਸਾਰਣ ਕੀਤਾ ਗਿਆ । ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 18 ਮਈ ਨੂੰ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਨਾ ਕੇ ਨਿਹਾਲ ਕਰਣਗੇ । ਗੁਰੂ ਕਾ ਲੰਗਰ ਸਾਰਾ ਦਿਲ ਅਤੁੱਟ ਵਰਤਾਇਆ ਜਾਵੇਗਾ।
9