ਲੁਧਿਆਣਾ, 13 ਮਈ ,ਬੋਲੇ ਪੰਜਾਬ ਬਿਓਰੋ: ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਕਰਿਆਨਾ ਕਾਰੋਬਾਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 2 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਟੀ. ਐਫ. ਦੇ ਇੰਚਾਰਜ ਮੱਖਣ ਰਾਮ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਮੁਲਜ਼ਮ ਦੀ ਸ਼ਨਾਖਤ ਹਰਪਾਲ ਵਾਸੀ ਕੈਥਲ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਬਸੰਤ ਨਗਰ ਵਿਚ ਰਹਿ ਰਿਹਾ ਸੀ ਅਤੇ ਇੱਥੇ ਹੀ ਰਹਿ ਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਕਥਿਤ ਦੋਸ਼ੀ ਕਰਿਆਨਾ ਕਾਰੋਬਾਰੀ ਹੈ ਅਤੇ ਕਰਿਆਨੇ ਦਾ ਸਾਮਾਨ ਦੁਕਾਨਾਂ ‘ਤੇ ਸਪਲਾਈ ਕਰਦਾ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਕਥਿਤ ਦੋਸ਼ੀ ਆਪਣੇ ਘਰ ਤੋਂ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਹੈ।
ਪੁਲਿਸ ਵਲੋਂ ਉਸਦੇ ਘਰ ਦੇ ਨੇੜੇ ਨਾਕਾਬੰਦੀ ਕੀਤੀ ਗਈ। ਜਦੋਂ ਕਥਿਤ ਦੋਸ਼ੀ ਨੂੰ ਉਥੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਆਪਣਾ ਮੋਟਰਸਾਈਕਲ ਭਜਾ ਲਿਆ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸਦੀ ਤਲਾਸ਼ੀ ਲੈਣ ਉਪਰੰਤ 410 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 2 ਕਰੋੜ ਰਪਏ ਹੈ।ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।