ਦੀਨਾਨਗਰ, 14 ਮਈ,ਬੋਲੇ ਪੰਜਾਬ ਬਿਓਰੋ:
ਸਰਹੱਦੀ ਕਸਬਾ ਬਮਿਆਲ ਦੇ ਨੇੜਲੇ ਪਿੰਡ ਅਨਿਆਲ ਵਿੱਚ ਕਣਕ ਦੀ ਨਾੜ ਨੂੰ ਅੱਗ ਲੱਗਾਉਣ ਕਾਰਨ ਚਾਰ ਦੇ ਕਰੀਬ ਘਰਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਇਹ ਅੱਗ ਨੇੜਲੇ ਪਿੰਡ ਮਨਵਾਲ ਦੇ ਇੱਕ ਕਿਸਾਨ ਵੱਲੋਂ ਆਪਣੀ ਫ਼ਸਲ ਦੀ ਨਾੜ ਨੂੰ ਸਾੜਨ ਲਈ ਲਾਈ ਗਈ ਸੀ। ਤੇਜ਼ ਹਵਾ ਕਾਰਨ ਇਹ ਇਨ੍ਹਾਂ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਗਈ ਅਤੇ ਅੱਗ ਲੱਗਣ ਕਾਰਨ ਘਰ ਵਿੱਚ ਪਿਆ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ।
ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਤਿਲਕ ਰਾਜ, ਚਰਨਜੀਤ, ਗੁਲਸ਼ਨ ਕੁਮਾਰ, ਸ਼ਾਮ ਲਾਲ, ਜੋਨੀ ਸ਼ਰਮਾ ਅਤੇ ਤਿਲਕ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦੇ ਚਾਰ ਇੰਜਣ ਵੀ ਸੜ ਗਏ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਖਾਣ ਲਈ ਰੱਖੀ ਕਣਕ ਵੀ ਸੜ ਕੇ ਸੁਆਹ ਹੋ ਗਈ ਹੈ ਅਤੇ ਉਨ੍ਹਾਂ ਦੇ ਪਸ਼ੂਆਂ ਲਈ ਚਾਰਾ ਵੀ ਨਹੀਂ ਬਚਿਆ ਹੈ। ਇਸ ਕਾਰਨ ਕਿਸਾਨਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ, ਜਿਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹੋਏ ਨੁਕਸਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।