ਤਰਨਤਾਰਨ , 14 ਮਈ,ਬੋਲੇ ਪੰਜਾਬ ਬਿਓਰੋ:
ਬੀਤੇ ਦਿਨੀਂ ਸਰਹੱਦੀ ਖੇਤਰ ਦੇ ਇਕ ਕੈਮਿਸਟ ਮਾਲਕ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਧਿਆਨ ਯੋਗ ਹੈ ਕਿ ਇਹਨਾਂ ਦੋਸ਼ੀਆਂ ਨੇ ਹਾਲ ਹੀ ਵਿੱਚ ਫਿਰੌਤੀ ਦੀ ਰਕਮ ਨਾ ਮਿਲਣ ‘ਤੇ ਇੱਕ ਮੈਡੀਕਲ ਸਟੋਰ ਮਾਲਕ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਸਨ।
ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਖਜਾਨ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮਾਣਕਪੁਰ ਨੇ ਪੁਲਸ ਨੂੰ ਬਿਆਨ ਦਿੱਤਾ ਸੀ ਕਿ ਉਹ ਘਰਿਆਲਾ ਵਿਖੇ ਮੈਡੀਕਲ ਸਟੋਰ ਚਲਾਉਣ ਦਾ ਕੰਮ ਕਰਦਾ ਹੈ। ਉਹ 17 ਅਪ੍ਰੈਲ ਨੂੰ ਆਪਣੇ ਘਰ ਮੌਜੂਦ ਨਹੀਂ ਸੀ। ਫਿਰ ਰਾਤ 11 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ, ਬਾਅਦ ਵਿਚ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਹੁਣ ਇਸ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਰਛਪਾਲ ਸਿੰਘ ਉਰਫ਼ ਪਾਲ ਪੁੱਤਰ ਸੁਖਚੈਨ ਸਿੰਘ ਵਾਸੀ ਭੰਗਾਲਾ ਅਤੇ ਇੰਦਰਜੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਭੰਗਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ 32 ਬੋਰ ਦਾ ਦੇਸੀ ਪਿਸਤੌਲ ਸਮੇਤ ਇਕ ਪਿਸਤੌਲ, ਬਿਨਾਂ ਨੰਬਰੀ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ। ਰਿਮਾਂਡ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਪਤਾ ਲੱਗ ਸਕੇ ਕਿ ਹੋਰ ਕਿਹੜੇ-ਕਿਹੜੇ ਲੋਕਾਂ ਨੂੰ ਇਨ੍ਹਾਂ ਨੇ ਆਪਣਾ ਸ਼ਿਕਾਰ ਬਣਾਇਆ ਹੈ।