ਪੰਜਾਬ ਤੇ ਦਿੱਲੀ ‘ਚ ਕੰਧਾਂ ‘ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ SFJ ਚੀਫ ਦੇ ਤਿੰਨ ਸਾਥੀ ਗ੍ਰਿਫ਼ਤਾਰ,

ਚੰਡੀਗੜ੍ਹ ਨੈਸ਼ਨਲ ਪੰਜਾਬ

ਚੰਡੀਗੜ੍ਹ 14 ਮਈ,ਬੋਲੇ ਪੰਜਾਬ ਬਿਓਰੋ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੱਸਣਯੋਗ ਹੈ ਕਿ ਨਿਊਯਾਰਕ ਅਧਾਰਿਤ ਐਸਐਫਜੇ- ਜੋ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਪ੍ਰਾਪਤ ਹੈ- ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਗਠਨ ਵਜੋਂ ਮਨੋਨੀਤ ਕੀਤਾ ਗਿਆ ਹੈ। ਹਾਲ ਹੀ ‘ਚ 24 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਪਾਏ ਗਏ ਸਨ, ਜਿਸ ਤੋਂ ਕੁਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ‘ਤੇ ਵੀ ਅਜਿਹੇ ਹੀ ਨਾਅਰੇ ਲਿਖੇ ਹੋਏ ਪਾਏ ਗਏ ਸਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ ‘ਤੇ ਗਰੈਫਿਟੀ ਲਿਖਣ ਦੇ ਦੋਸ਼ ‘ਚ ਵੀ ਗ੍ਰਿਫਤਾਰ ਕੀਤਾ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ ‘ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ।

Leave a Reply

Your email address will not be published. Required fields are marked *