ਐੱਸ ਏ. ਐੱਸ. ਨਗਰ,15 ਮਈ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁ: ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 39ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਰਸੀ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਗਿਆਨੀ ਬਲਵੰਤ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਲਗਾਤਾਰ 40 ਸਾਲ ਗੁ: ਸਾਹਿਬ ਜੀ ਦੇ ਮੁੱਖ ਗ੍ਰੰਥੀ ਵਜੋਂ ਅਣਥੱਕ ਸੇਵਾ ਨਿਭਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ।
ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਸਿੰਘ ਜੀ ਦਮਦਮੀ ਟਕਸਾਲ, ਭਾਈ ਗੁਰਦੀਪ ਸਿੰਘ ਜੀ ਨਾਨਕਸਰ ਵਾਲੇ, ਭਾਈ ਗੁਰਪ੍ਰਤਾਪ ਸਿੰਘ ਜੀ, ਸ਼੍ਰੋਮਣੀ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਜੀ ਜਵੱਧੀ ਟਕਸਾਲ, ਭਾਈ ਜਸਵਿੰਦਰ ਸਿੰਘ ਜੀ, ਭਾਈ ਮਹਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਇਸ ਮੌਕੇ ਤੇ ਸੰਤ ਮਹਾਂਪੁਰਖਾਂ, ਧਾਰਮਿਕ ਆਗੂਆਂ, ਪਿੰਡ ਅਤੇ ਇਲਾਕੇ ਦੇ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਸੱਚ ਖੰਡ ਵਾਸੀ ਗਿ: ਬਲਵੰਤ ਸਿੰਘ ਜੀ ਨੂੰ ਉਚੇਚੇ ਤੌਰ ਤੇ ਆ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਤੇ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਸਾਹਿਬ ਵੱਲੋਂ ਦਿੱਤੀ ਗਈ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਆਉਣ ਵਾਲੀ ਮਿਤੀ 22 ਮਈ ਨੂੰ 55ਵੀ ਲੜੀ ਦੇ 5555ਵੇ ਸ੍ਰੀ ਅਖੰਡ ਪਾਠ ਸਾਹਿਬ ਜੀ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾਵੇਗਾ । ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ ਅਤੇ ਉੱਚ ਕੋਟੀ ਪੰਥ ਪ੍ਰਸਿੱਧ ਪ੍ਰਚਾਰਕ ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।