ਰਵੀਕਰਨ ਸਿੰਘ ਕਾਹਲੋਂ ਭਾਜਪਾ ‘ਚ ਸ਼ਾਮਲ ਹੋਏ,ਸੁਖਬੀਰ ‘ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:
ਅਕਾਲੀ ਦਲ ਦੇ ਨੇਤਾ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ਸਿੰਘ, ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੌਜੂਦ ਸਨ। ਕਿਹਾ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਰਵੀ ਕਾਹਲੋਂ ਅਕਾਲੀ ਦਲ ਨਾਲ ਨਾਰਾਜ਼ ਚੱਲ ਰਹੇ ਸਨ। ਉਹ ਸੁੱਚਾ ਸਿੰਘ ਲੰਗਾਹ ਮਾਮਲੇ ਵਿਚ ਕਾਰਵਾਈ ਦੀ ਮੰਗ ਕਰ ਰਹੇ ਸਨ।ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਮੈਂ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਸੱਚ ਸੁਣ ਕੇ ਕਾਰਵਾਈ ਕਰਨ ਦੀ ਬਜਾਏ ਮੈਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ। ਰਵੀਕਰਨ ਕਾਹਲੋਂ ਨੇ ਸੁਖਬੀਰ ਬਾਦਲ ‘ਤੇ ਗੰਭੀਰ ਦੋਸ਼ ਲਾਏ ਕਿ ਉਹ ਪਾਰਟੀ ਨਹੀਂ, ਲਿਮਟਿਡ ਕੰਪਨੀ ਚਲਾ ਰਹੇ ਹਨ। ਸੁਖਬੀਰ ਪਾਰਟੀ ਵਿੱਚ ਰਬੜ ਦੀ ਮੋਹਰ ਬਣ ਗਏ ਹਨ। ਪਾਰਟੀ ਨੂੰ ਬਿਕਰਮ ਮਜੀਠੀਆ ਚਲਾ ਰਿਹਾ ਹੈ। ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਵਿਚਾਰ ਦਾ ਵਿਰੋਧ ਕੀਤਾ ਸੀ ਕਿ ਜਬਰ ਜਨਾਹ ਕਰਨ ਵਾਲੇ ਨੂੰ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ। ਪਰ ਉਨ੍ਹਾਂ ਨੇ ਮੈਨੂੰ ਹੀ ਪਾਰਟੀ ਵਿੱਚੋਂ ਕੱਢ ਦਿੱਤਾਕਾਹਲੋਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਲਾਭ ਮਿਲੇਗਾ। ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਹਲੋ ਡੇਰਾ ਬਾਬਾ ਨਾਨਕ ਸੀਟ ‘ਤੇ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਤੋਂ ਸਿਰਫ਼ 234 ਵੋਟਾਂ ਨਾਲ ਹਾਰ ਗਏ ਸਨ।
ਦੱਸ ਦੇਈਏ ਕਿ ਰਵੀ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ। ਰਵੀਕਰਨ ਕਾਹਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ 2022 ‘ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਦੇ ਹੋਏ ਪਾਰਟੀ ਵਿਚੋਂ ਕੱਢ ਦਿੱਤਾ ਹੈ। ਬਾਦਲ ਨੇ ਕਿਹਾ ਸੀ ਕਿ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਬੇਟੇ ਹਨ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ਰਾਹੀਂ ਦਿੱਤੀ।

Leave a Reply

Your email address will not be published. Required fields are marked *