ਐਸ ਏ ਐਸ ਨਗਰ,18 ਮਈ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰਜੀਤ ਸਿੰਘ ਖਾਲਸਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਉਨਾਂ ਨੇ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਭੁਪਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਗੁ ਸ੍ਰੀ ਪੰਜ਼ੋਖਰਾ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਹਰਜੀਤ ਸਿੰਘ ਅੰਮ੍ਰਿਤਸਰ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਅਮਨਦੀਪ ਸਿੰਘ ਜੀ ਗੁ ਦੁੱਖ ਨਿਵਾਰਨ ਸਾਹਿਬ ਲੁਧਿਆਣੇ ਵਾਲੇ , ਭਾਈ ਧਰਮ ਸਿੰਘ ਮਾਹੀ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ । ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਸੇਵਾਵਾਂ ਵੀ ਉਪਲੱਬਧ ਹਨ।