ਪੰਜਾਬ ‘ਚ ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰਾਂ ਚਲਾਉਣ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 18 ਮਈ,ਬੋਲੇ ਪੰਜਾਬ ਬਿਓਰੋ :

ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਅਗਾਊਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਚੋਣ ਪ੍ਰਚਾਰ ਵਿਚ ਲੱਗੇ ਸਾਰੇ ਸਿਆਸੀ ਵਰਕਰਾਂ ਨੂੰ ਬੈਜ ਜਾਂ ਸ਼ਨਾਖ਼ਤੀ ਕਾਰਡ ਦਿਖਾਉਣ ਤੇ ਚੋਣ ਪ੍ਰਚਾਰ ਦੌਰਾਨ ਤੇ ਚੋਣਾਂ ਵਾਲੇ ਦਿਨ ਵਾਹਨਾਂ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਜਾਰੀ ਕੀਤੀਆਂ ਗ਼ੈਰ-ਅਧਿਕਾਰਤ ਪਛਾਣ ਪਰਚੀਆਂ ਸਾਦੇ (ਚਿੱਟੇ) ਕਾਗ਼ਜ਼ ’ਤੇ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਵਿਚ ਪਾਰਟੀ ਦਾ ਕੋਈ ਚਿੰਨ੍ਹ ਅਤੇ ਨਾਮ ਜਾਂ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਹਲਕੇ ਤੋਂ ਬਾਹਰਲੇ ਵੋਟਰਾਂ ਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਤੋਂ ਬਾਅਦ ਹਲਕਾ ਛੱਡਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਨਕਦ ਲੈਣ-ਦੇਣ ਅਤੇ ਵੱਡੀ ਮਾਤਰਾ ਵਿਚ ਨਕਦੀ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਦੂਜੀਆਂ ਪਾਰਟੀਆਂ ਦੀਆਂ ਮੀਟਿੰਗਾਂ ਅਤੇ ਜਲੂਸਾਂ ਵਿਚ ਗੜਬੜੀ ਕਰਨ ਦੀ ਮਨਾਹੀ ਹੈ ਅਤੇ ਪੋਲਿੰਗ ਬੂਥਾਂ ਦੇ ਨੇੜੇ ਪ੍ਰਚਾਰ ਸਮੱਗਰੀ ਪ੍ਰਦਰਸ਼ਿਤ ਨਹੀਂ ਹੋਣੀ ਚਾਹੀਦੀ।

ਸਿਬਿਨ ਸੀ ਨੇ ਕਿਹਾ ਕਿ ਨਿੱਜੀ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਜਾਂ ਧਰਨਾ ਲਗਾਉਣਾ ਵੀ ਮਨ੍ਹਾ ਹੈ ਅਤੇ ਸਿਆਸੀ ਮੀਟਿੰਗਾਂ ਵਿਚ ਕਿਸੇ ਵੀ ਵਿਘਨ ਵਿਰੁੱਧ ਪੁਲਿਸ ਦੀ ਮਦਦ ਲੈਣੀ ਚਾਹੀਦੀ ਹੈ। ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 127 ਦੇ ਅਨੁਸਾਰ, ਕੋਈ ਵੀ ਵਿਅਕਤੀ ਜੋ ਜਨਤਕ ਮੀਟਿੰਗਾਂ ਵਿਚ ਮਾਹੌਲ ਨੂੰ ਵਿਗਾੜਦਾ ਹੈ, ਉਸ ਨੂੰ ਛੇ ਮਹੀਨੇ ਦੀ ਕੈਦ, ਦੋ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ।

Leave a Reply

Your email address will not be published. Required fields are marked *