ਪੰਜਾਬੀ ਸਾਵਧਾਨ ਰਹਿਣ,’ਆਪ’ ਤੇ ਕਾਂਗਰਸ ਇੱਕੋ ਥਾਲੀ ‘ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

ਪੰਜਾਬ

ਨਵਾਂਸ਼ਹਿਰ 18 ਮਈ,ਬੋਲੇ ਪੰਜਾਬ ਬਿਓਰੋ:ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਸੁਚੇਤ ਕਰਦਿਆਂ ਕਿਹਾ ਹੈ ਕਿ ਇਹ ਦੋਵੇਂ ਪਾਰਟੀਆਂ ਇੱਕੋ ਥਾਲੀ ‘ਦੇ ਚੱਟੇ-ਬੱਟੇ ਹਨ, ਜੋ ਪੰਜਾਬ ਦੀ ਭਲਾਈ ਲਈ ਨਹੀਂ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੋਦੀ ਨੂੰ ਰੋਕਣ ਅਤੇ ਆਪਣੇ ਭ੍ਰਿਸ਼ਟਾਚਾਰ ਨੂੰ ਛੁਪਾਉਣ ਦੇ ਮਕਸਦ ਨਾਲ ਇਕੱਠੇ ਹੋਏ ਹਨ। ਅੱਜ ਇੱਥੇ ਕਰਵਾਏ ਗਏ ਬੁੱਧੀਜੀਵੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ‘ਆਪ’ ਅਤੇ ਕਾਂਗਰਸ ਦੋਸਤਾਨਾ ਮੈਚ ਖੇਡ ਰਹੀਆਂ ਹਨ ਜਦਕਿ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ‘ਚ ਆਪਸ ‘ਚ ਇਕੱਠੇ ਹਨ | ਕਾਂਗਰਸ ‘ਤੇ ਹਮਲਾ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਤੋਂ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੇ ਨਾਲ ਕੇਜਰੀਵਾਲ ਦੇ ਘਰ ਹੋਈ ਬਦਸਲੂਕੀ ਦਾ ਮਾਮਲਾ ਪੂਰੇ ਦੇਸ਼ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਪਰ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਕਿਸੇ ਵੀ ਆਗੂ ਨੇ ਇਸ ਮੁੱਦੇ ਤੇ ਕੋਈ ਟਿਪਣੀ ਨਹੀਂ ਕਿੱਤੀ | ਹੈਰਾਨੀ ਦੀ ਗੱਲ ਹੈ ਕਿ ਉੱਤਰ ਪ੍ਰਦੇਸ਼ ‘ਚ ਔਰਤਾਂ ਦੇ ਮੁੱਦੇ ‘ਤੇ ਮਾਰਚ ਕੱਢਣ ਵਾਲੀ ਗਾਂਧੀ ਪਰਿਵਾਰ ਦੀ ਬੇਟੀ ਪ੍ਰਿਅੰਕਾ ਵੀ ਇਸ ਗੰਭੀਰ ਮੁੱਦੇ ‘ਤੇ ਚੁੱਪ ਹੈ।
ਨਵਾਂਸ਼ਹਿਰ ਵਿੱਚ ਕਈ ਥਾਵਾਂ ’ਤੇ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਲੋਕ ਮੋਦੀ ਦਾ ਸਮਰਥਨ ਕਰ ਰਹੇ ਹਨ ਕਿਉਂਕਿ ਹਰ ਕੋਈ ਉਹਨਾਂ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਹੈ ਅਤੇ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਪੂਰਾ ਦੇਸ਼ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਸਿੱਖ ਕੌਮ ਨੂੰ ਇੰਨਾ ਮਾਣ-ਸਨਮਾਨ ਦਿੱਤਾ ਗਿਆ ਹੈ। ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਲਈ ਸਭ ਤੋਂ ਵੱਧ ਕੰਮ ਕੀਤੇ ਹਨ, ਜਿਸ ਵਿਚ ਐਮਐਸਪੀ ਵਿਚ ਆਉਣ ਵਾਲੀਆਂ ਫ਼ਸਲਾਂ ਦੀ ਗਿਣਤੀ ਤਿੰਨ ਤੋਂ ਵਧਾ ਕੇ ਪੰਜ ਕਰ ਦਿੱਤੀ ਗਈ ਹੈ | ਇਸ ਤੋਂ ਇਲਾਵਾ ਮੋਦੀ ਸਰਕਾਰ ਦੇਸ਼ ਦੇ ਸਾਰੇ ਕਿਸਾਨਾਂ ਨੂੰ ਹਰ ਸਾਲ 6-6 ਹਜ਼ਾਰ ਰੁਪਏ ਦੇ ਰਹੀ ਹੈ। ਉਨ੍ਹਾਂ ਪੰਜਾਬ ਦੇ ਕਿਸਾਨ ਭਰਾਵਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਭੋਲੇ-ਭਾਲੇ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਮੋਦੀ ਅਤੇ ਭਾਜਪਾ ਵਿਰੁੱਧ ਭੜਕਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨ ਦੂਜੀਆਂ ਪਾਰਟੀਆਂ ਦਾ ਸਾਥ ਦੇਣ ਦੀ ਬਜਾਏ ਭਾਜਪਾ ਦਾ ਸਾਥ ਦੇਣ ਤਾਂ ਜੋ ਪੰਜਾਬ ਖੇਤੀਬਾੜੀ ਵਿੱਚ ਤੇਜ਼ੀ ਨਾਲ ਤਰੱਕੀ ਕਰ ਸਕੇ।

ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਭਾਜਪਾ ਉਮੀਦਵਾਰ ਨੂੰ ਆਪਣੀ ਤੂਫਾਨੀ ਚੋਣ ਮੁਹਿੰਮ ਦੌਰਾਨ ਮਿਲੇ ਜਨ ਸਮਰਥਨ ਚਰਚਾ ਦਾ ਵਿਸ਼ਾ ਬਣਿਆ ਰਿਹਾ।

Leave a Reply

Your email address will not be published. Required fields are marked *