ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਦਿਨੋਂ ਦਿਨ ਤਾਪਮਾਨ ਵਧਦਾ ਜਾ ਰਿਹਾ ਹੈ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਗਰਮ ਹਵਾਵਾਂ ਕਾਰਨ ਸੂਬੇ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਲੁਧਿਆਣਾ ਜ਼ਿਲ੍ਹੇ ਦਾ ਸਮਰਾਲਾ ਸ਼ਨੀਵਾਰ ਨੂੰ ਵੀ ਸਭ ਤੋਂ ਵੱਧ ਗਰਮ ਰਿਹਾ। ਇੱਥੇ ਤਾਪਮਾਨ 46.1 ਦਰਜ ਕੀਤਾ ਗਿਆ ਜੋ ਆਮ ਨਾਲੋਂ 5.5 ਡਿਗਰੀ ਵੱਧ ਹੈ।
ਦਿਨ ਦੇ ਨਾਲ-ਨਾਲ ਰਾਤ ਦਾ ਤਾਪਮਾਨ ਵੀ ਲਗਾਤਾਰ ਵਧ ਰਿਹਾ ਹੈ। 11 ਸਾਲ ਪਹਿਲਾਂ ਮਈ ਦੇ ਮਹੀਨੇ ਲੁਧਿਆਣਾ ਵਿੱਚ ਅਜਿਹੀ ਹੀ ਗਰਮੀ ਪਈ ਸੀ। ਇਸ ਦੌਰਾਨ ਮੌਸਮ ਵਿਭਾਗ ਨੇ ਚਾਰ ਜ਼ਿਲ੍ਹਿਆਂ ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਲਈ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਤੇਜ਼ ਗਰਮੀ ਹੋਵੇਗੀ, ਜੋ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ। ਇਸ ਕਾਰਨ ਵਿਭਾਗ ਨੇ ਲੋਕਾਂ ਨੂੰ ਤੇਜ਼ ਧੁੱਪ ਤੋਂ ਬਚਣ ਦੀ ਸਲਾਹ ਦਿੱਤੀ ਹੈ।