ਸ੍ਰੀ ਆਨੰਦਪੁਰ ਸਾਹਿਬ 21 ਮਈ ,ਬੋਲੇ ਪੰਜਾਬ ਬਿਓਰੋ: – ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਸੰਪਰਦਾਇਕ ਤਾਕਤਾਂ ਨੂੰ ਨਕੇਲ ਪਾਈ ਜਾ ਸਕਦੀ ਹੈ। ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੀ ਮੁਕਤੀ ਵਾਲਾ ਕਦਮ ਵੀ ਭਾਜਪਾ ਸਰਕਾਰ ਹੀ ਚੁੱਕ ਸਕਦੀ ਹੈ। ਸ਼੍ਰੀ ਸ਼ਰਮਾ ਨੇ ਕਿਹਾ ਕਿ ਸਰਹੱਦਾਂ ਦੀ ਰਖਵਾਲੀ ਜਿਸ ਮਜ਼ਬੂਤੀ ਨਾਲ ਮੋਦੀ ਸਰਕਾਰ ਨੇ ਕੀਤੀ ਹੈ ਉਹ ਕੋਈ ਵੀ ਸਰਕਾਰ ਨਹੀਂ ਕਰ ਸਕੀ।
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦਾ ਬੁਰੀ ਤਰ੍ਹਾਂ ਵਿਨਾਸ਼ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਲੋਕ ਆਪ ਸਰਕਾਰ ਨੂੰ ਸਬਕ ਸਿਖਾ ਦੇਣਗੇ।
ਉਨ੍ਹਾਂ ਕਿਹਾ ਕਿ ਸਰਕਾਰੀ ਬਜਟ ਦਾ ਵੱਡਾ ਹਿੱਸਾ ਲੋਕ ਭਲਾਈ ਸਕੀਮਾਂ ਜਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਸਰਕਾਰ ਨੇ ਇਸ਼ਤਿਹਾਰਬਾਜੀ ਤੇ ਖਰਚ ਕਰ ਦਿੱਤਾ। ਉਨ੍ਹਾਂ ਕਿਹਾ ਕਿ ਐਨ.ਐਚ.ਐਮ. ਅਧੀਨ ਕੇਂਦਰ ਵੱਲੋਂ ਦਿੱਤੇ ਫੰਡਾਂ ਨਾਲ ਬਣੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਨਾਮ ਬਦਲ ਕੇ ਆਮ ਆਦਮੀਂ ਕਲੀਨਿਕ ਰੱਖ ਦਿੱਤਾ ਅਤੇ ਕੇਂਦਰੀ ਪੈਸੇ ਨਾਲ ਬਣੀਆਂ ਇਮਾਰਤਾਂ ਤੇ ਮੁੱਖ ਮੰਤਰੀ ਨੇ ਆਪਣੀਆਂ ਫੋਟੋ ਲਗਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਫਲਾਈਓਵਰਾਂ ਲਈ ਵਰਤੇ ਜਾਣ ਵਾਲੇ ਫੰਡ ਦੀ ਵੀ ਆਪ ਸਰਕਾਰ ਦੁਰਵਰਤੋਂ ਕਰ ਰਹੀ ਹੈ।