ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ ‘ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ

ਪੰਜਾਬ

ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਅਤੇ ਸ਼ਿਵ ਮੰਦਰ ਡੇਰਾ ਬਾਬਾ ਜਲਮਗਿਰੀ ਵਿਖੇ ਮੱਥਾ ਟੇਕਿਆ

ਚਮਕੌਰ ਸਾਹਿਬ 22 ਮਈ,ਬੋਲੇ ਪੰਜਾਬ ਬਿਓਰੋ: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਜਾਅਲੀ ਕਿਸਾਨ ਪੱਖੀ ਅਕਸ ਦਾ ਪਰਦਾਫਾਸ਼ ਕੀਤਾ ਹੈ। ਇੱਥੇ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਮਾਨ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਸਿਰਫ਼ ‘ਝੂਠੇ ਵਾਅਦੇ’ ਕਰਕੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਸੀ ਅਤੇ ਸੱਤਾ ਹਾਸਲ ਕਰਨ ਲਈ ਉਨ੍ਹਾਂ ਨੂੰ ਜਾਣਬੁੱਝ ਕੇ ਮੋਦੀ ਵਿਰੁੱਧ ‘ਉਕਸਾਇਆ’।

ਕਿਸਾਨਾਂ ਨਾਲ ਸਬੰਧਤ ਇੱਕ ਅਹਿਮ ਮੁੱਦਾ ਉਠਾਉਂਦਿਆਂ ਡਾ: ਸ਼ਰਮਾ ਨੇ ਕਿਹਾ, “ਮਾਨ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ 22 ਫ਼ਸਲਾਂ ਤੇ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਭੁੱਲ ਗਏ ।’ਆਪ’ ਸਰਕਾਰ ‘ਤੇ ਹਮਲਾ ਬੋਲਦਿਆਂ ਡਾ: ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਨੇ ਐਮਐਸਪੀ ਦੇ ਮੁੱਦੇ ‘ਤੇ ਕਿਸਾਨਾਂ ਦਾ ਸਿਰਫ਼ ਸ਼ੋਸ਼ਣ ਕੀਤਾ ਹੈ ਅਤੇ ਉਨ੍ਹਾਂ ਨਾਲ ਗੰਦਾ ਮਜ਼ਾਕ ਕੀਤਾ ਹੈ, ਪਰ ਹੁਣ ‘ਆਪ’ ਸਰਕਾਰ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ, ਜਿਸ ਦਾ ਸਬੂਤ ਇਸ ਗੱਲ ਤੋਂ ਜ਼ਾਹਰ ਹੁੰਦਾ ਹੈ ਕਿ ਪਿਛਲੇ ਸਾਲ ਸੂਬੇ ਵਿੱਚ ਹੜ੍ਹਾਂ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ ਅਤੇ ‘ਆਪ’ ਸਰਕਾਰ ਨੇ ਪੀੜਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਵਾਅਦਾ ਕੀਤਾ ਸੀ ਜਦਕਿ ਕਿਸਾਨਾਂ ਨੂੰ ਸਿਰਫ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਗਿਆ ਅਤੇ ਇਹ ਰਾਸ਼ੀ ਵੀ ਕੇਂਦਰ ਵੱਲੋਂ ਆਪਦਾ ਰਾਹਤ ਫੰਡ ਵਿੱਚੋਂ ਦਿੱਤੀ ਗਈ ਹੈ।

ਡਾ: ਸ਼ਰਮਾ ਨੇ ਕਿਹਾ ਕਿ ਇਕ ਪਾਸੇ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਉਥੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਬਹੁਤ ਕੁਝ ਕੀਤਾ ਹੈ | ਡਾ: ਸੁਭਾਸ਼ ਸ਼ਰਮਾ ਨੇ ਮੋਦੀ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮੋਦੀ ਸਰਕਾਰ ਹਰ ਕਿਸਾਨ ਨੂੰ 6,000 ਰੁਪਏ ਸਾਲਾਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।ਇਸ ਤੋਂ ਇਲਾਵਾ ਕੇਂਦਰ ਸਰਕਾਰ ਮਿੱਟੀ ਸਿਹਤ ਕਾਰਡ, ਫ਼ਸਲ ਬੀਮਾ ਯੋਜਨਾ, ਬੀਜ ਸਪਲਾਈ, ਯੂਰੀਆ ਦੀ ਉਪਲਬਧਤਾ ਆਦਿ ਰਾਹੀਂ ਕਿਸਾਨਾਂ ਨੂੰ ਸ਼ਕਤੀ ਪ੍ਰਦਾਨ ਕਰ ਰਹੀ ਹੈ। ਡਾ: ਸ਼ਰਮਾ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।

ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਚਮਕੌਰ ਸਾਹਿਬ ਅਤੇ ਮੋਰਿੰਡਾ ਵਿੱਚ ਕਈ ਚੋਣ ਮੀਟਿੰਗਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਅਤੇ ਸ਼ਿਵ ਮੰਦਰ ਡੇਰਾ ਬਾਬਾ ਜਲਮਗਿਰੀ ਵਿਖੇ ਵੀ ਮੱਥਾ ਟੇਕਿਆ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Leave a Reply

Your email address will not be published. Required fields are marked *