ਸਮਰਾਲਾ, 22 ਮਈ,ਬੋਲੇ ਪੰਜਾਬ ਬਿਓਰੋ:
ਅੱਜ ਤੜਕੇ 5 ਤੋਂ 5.30 ਵਜੇ ਦੇ ਦਰਮਿਆਨ ਇੰਦੌਰ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਸਮਰਾਲਾ ਨੇੜੇ ਪਿੰਡ ਚਹਿਲਾਂ ਦੇ ਨੈਸ਼ਨਲ ਹਾਈਵੇ ‘ਤੇ ਸੜਕ ਦੇ ਵਿਚਕਾਰ ਖੜ੍ਹੇ ਟਿੱਪਰ ਟਰਾਲੇ ਨਾਲ ਜਾ ਟਕਰਾਈ। ਉਕਤ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ‘ਚ ਬੈਠੀਆਂ ਸਵਾਰੀਆਂ ‘ਚ ਚੀਕ-ਚਿਹਾੜਾ ਪੈ ਗਿਆ।
ਇਸ ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਬੱਸ ‘ਚ ਫਸੀਆਂ ਸਵਾਰੀਆਂ ਨੂੰ ਕੱਢਣ ਲਈ ਸਮਰਾਲਾ ਪੁਲਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢ ਕੇ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ ‘ਚ ਦੋ ਮਹਿਲਾ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਹੋਰ ਯਾਤਰੀ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।
ਰਾਹਤ ਕਾਰਜਾਂ ਲਈ ਮੌਕੇ ‘ਤੇ ਪਹੁੰਚੇ ਇਕ ਪਿੰਡ ਵਾਸੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਵਾਪਰਿਆ ਅਤੇ ਹਾਦਸੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਤੁਰੰਤ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਗਏ।ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ. ਸਮਰਾਲਾ ਰਾਓਂ ਬਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 5 ਵਜੇ ਦੇ ਕਰੀਬ ਇਸ ਹਾਦਸੇ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ।