ਰੋਪੜ/ਬੇਲਾ, 23 ਮਈ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਅੱਜ ਬੇਲਾ ਵਿਖੇ ਸਥਾਨਕ ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਜੀ ਵਿੱਖੇ ਗੁਰੂ ਮਹਾਰਾਜ ਜੀ ਦੀ ਹਜ਼ੂਰੀ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਦੀ ਭਲਾਈ ਲਈ ਅਰਦਾਸ ਕੀਤੀ ਕਿ ਮੇਰੇ ਪੰਜਾਬ ਨੂੰ ਅਖੌਤੀ ਨਜ਼ਰਾਂ ਤੋਂ ਬਚਾਉਣਾ। ਲੰਗਰ ਛੱਕ ਕੇ ਗੁਰੂ ਘਰ ਦਾ ਪਿਆਰ ਅਤੇ ਆਨੰਦ ਪ੍ਰਾਪਤ ਕੀਤਾ।
ਇਸ ਮੌਕੇ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਸੰਸਦ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਨਗੇ। ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਲੋਕ ਸਭਾ ਮੈਂਬਰਾਂ ਨੇ ਹਲਕੇ ਦੀ ਪ੍ਰਤੀਨਿਧਤਾ ਇਮਾਨਦਾਰੀ ਨਾਲ ਨਹੀਂ ਕੀਤੀ ਜਿਸ ਕਾਰਨ ਇਹ ਪੰਥਕ ਹਲਕਾ ਵਿਕਾਸ ਪੱਖੋਂ ਫਾਡੀ ਰਹਿ ਗਿਆ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ 77 ਸਾਲ ਬਾਅਦ ਵੀ ਸਿੱਖ ਪੰਥ ਦੀ ਇਤਿਹਾਸਕ ਧਰਤੀ ਰੇਲ ਸੇਵਾ ਤੋਂ ਵਾਂਝੀ ਹੈ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਹਲਕੇ ਨੂੰ ਅੱਖੋਂ ਪਰੋਖੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਤਣ ਉਪਰੰਤ ਉਹ ਆਪਣੇ ਇੱਕ ਇੱਕ ਵਾਅਦੇ ਦੀ ਪੂਰਤੀ ਪੂਰੀ ਇਮਾਨਦਾਰੀ ਨਾਲ ਕਰਨਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਸਮੇਤ ਪੰਜਾਬ ਵਿੱਚ ਵੀ ਵੱਡੇ ਵਿਕਾਸ ਕਾਰਜ਼ ਹੋਏ ਹਨ ਪਰ ਸ਼੍ਰੀ ਆਨੰਦਪੁਰ ਸਾਹਿਬ ਦੇ ਹੱਕ ਵਿੱਚ ਕਿਸੇ ਨੇ ਸੰਸਦ ਵਿੱਚ ਗੱਲ ਹੀ ਨਹੀਂ ਕੀਤੀ ਜਿਸ ਲਈ ਪਹਿਲਾਂ ਜਿੱਤ ਚੁੱਕੇ ਸੰਸਦ ਮੈਂਬਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।